ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਫਰਨੀਚਰ ਵਪਾਰੀ ਤੋਂ ਦੋ ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿਚ ਗੈਂਗਸਟਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਫਰਨੀਚਰ ਕਾਰੋਬਾਰੀ ਜਗਜੀਤ ਸਿੰਘ ਪੁੱਤਰ ਰਾਜ ਸਿੰਘ ਵਾਸੀ ਗੁਰੂ ਨਾਨਕ ਕਾਲੋਨੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਡੋਨੀ ਬੱਲ ਨਾਮੀ ਗੈਂਗਸਟਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਪਿਛਲੇ ਕੁੱਝ ਸਮੇਂ ਤੋਂ ਉਕਤ ਕਥਿਤ ਦੋਸ਼ੀ ਉਸ ਪਾਸੋਂ 2 ਕਰੋੜ ਦੀ ਫਿਰੌਤੀ ਦੀ ਮੰਗ ਕਰ ਰਿਹਾ ਹੈ ਅਤੇ ਫਿਰੌਤੀ ਨਾ ਦੇਣ ਦੀ ਸੂਰਤ ਵਿਚ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ | ਬੀਤੇ ਦਿਨ ਜਗਜੀਤ ਸਿੰਘ ਵਲੋਂ ਇਹ ਸਾਰਾ ਮਾਮਲਾ ਪੁਲਿਸ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਜਾਂਚ ਅਧਿਕਾਰੀ ਐਸ.ਐਚ.ਓ. ਜਗਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਉਪਰੰਤ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ |