ਲੁਧਿਆਣਾ, 31 ਜਨਵਰੀ (ਡਾ. ਤਰਲੋਚਨ ਸਿੰਘ)-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਲੁਧਿਆਣਾ ਵਰਿੰਦਰ ਸਿੰਘ ਟਿਵਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 'ਸਾਡੇ ਬਜ਼ੁਰਗ, ਸਾਡਾ ਮਾਣ ਮੁਹਿੰਮ-2026' ਦੇ ਤਹਿਤ ਜ਼ਿਲ੍ਹਾ ਲੁਧਿਆਣਾ ਵਿਚ ਵੱਖ-ਵੱਖ ਥਾਵਾਂ 'ਤੇ ਬਜ਼ੁਰਗਾਂ ਦੀ ਸਿਹਤ ਜਾਂਚ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਫਰਵਰੀ ਮਹੀਨੇ ਵਿਚ ਕੁੱਲ ਚਾਰ ਕੈਂਪ ਲਗਾਏ ਜਾਣੇ ਹਨ, ਜਿਸ ਵਿਚ ਪਹਿਲਾ ਕੈਂਪ 4 ਫਰਵਰੀ ਨੂੰ ਸਵਾਮੀ ਵਿਵੇਕਾਨੰਦ ਚੈਰੀਟੇਬਲ ਹਸਪਤਾਲ, ਮਾਡਲ ਟਾਊਨ ਐਕਸਟੈਨਸ਼ਨ, ਲੁਧਿਆਣਾ, ਦੂਸਰਾ 11 ਫਰਵਰੀ ਨੂੰ ਗੁਰੂ ਅਮਰਦਾਸ ਬਿਰਧ ਆਸ਼ਰਮ, ਪਿੰਡ ਸਰਾਭਾ, ਤੀਸਰਾ 18 ਫਰਵਰੀ ਨੂੰ ਨਿਸ਼ਕਾਮ ਸੇਵਾ ਬਿਰਧ ਆਸ਼ਰਮ, ਪਿੰਡ ਬੀਹਲਾ ਅਤੇ ਚੌਥਾ ਕੈਂਪ 25 ਫਰਵਰੀ ਨੂੰ ਗੁਰੂ ਨਾਨਕ ਚੈਰੀਟੇਬਲ ਟਰੱਸਟ, ਗੁਰਮਤਿ ਭਵਨ, ਮੁੱਲਾਂਪੁਰ ਵਿਖੇ ਲਗਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਸਰਮਾਇਆ ਹਨ, ਇਹਨਾਂ ਨੂੰ ਸੰਭਾਲਣਾ ਸਾਡਾ ਫ਼ਰਜ਼ ਵੀ ਹੈ ਅਤੇ ਸਾਡੀ ਨੈਤਿਕ ਜ਼ਿੰਮੇਵਾਰੀ ਵੀ ਹੈ, ਕਿਉਂਕਿ ਸਾਡੇ ਬਜ਼ੁਰਗਾਂ ਅਤੇ ਮਾਤਾ-ਪਿਤਾ ਦਾ ਸਮਾਜ ਦੀ ਤਰੱਕੀ ਵਿਚ ਬਹੁਤ ਵੱਡਾ ਯੋਗਦਾਨ ਹੈ | ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸੀਨੀਅਰ ਸਿਟੀਜਨ, ਸੀਨੀਅਰ ਸਿਟੀਜਨ ਐਸੋਸੀਏਸ਼ਨ, ਕਲੱਬਾਂ ਅਤੇ ਸਮਾਜਸੇਵੀ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ |