ਲੁਧਿਆਣਾ, 1 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਵਿੱਕੀ ਵਾਸੀ ਬਹਾਦਰ ਕੇ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਨੂੰ ਭੱਟੀਆਂ ਕਾਲੋਨੀ ਨੇੜਿਉਂ ਕਾਬੂ ਕੀਤਾ ਹੈ | ਦੂਜੇ ਮਾਮਲੇ ਵਿਚ ਪੁਲਿਸ ਨੇ ਦੀਪਕ ਉਰਫ ਦੀਪੂ ਆਰੀਫ ਵਾਸੀ ਹੰਦਲ ਚੌਕ ਨੂੰ ਵੀ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਤੀਜੇ ਮਾਮਲੇ ਵਿਚ ਪੁਲਿਸ ਨੇ ਗਹਿਲੋਤ ਉਰਫ ਸੋਨੂ ਵਾਸੀ ਭਗਤ ਸਿੰਘ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਕ ਹੋਰ ਅਜਿਹੇ ਮਾਮਲੇ ਵਿਚ ਥਾਣਾ ਦੁੱਗਰੀ ਦੀ ਪੁਲਿਸ ਨੇ ਮਨਿੰਦਰ ਸਿੰਘ ਵਾਸੀ ਜਸਦੇਵ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 25 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਥਾਣਾ ਡਾਬਾ ਦੀ ਪੁਲਿਸ ਨੇ ਪੱਪੂ ਸਿੰਘ ਵਾਸੀ ਗਿਆਸਪੁਰਾ ਅਤੇ ਰਾਜੂ ਵਾਸੀ ਗਿਆਸਪੁਰਾ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਵਲੋਂ ਨਿਤੀਸ਼ ਕੁਮਾਰ ਵਾਸੀ ਪਿੰਡ ਪਵਾ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 48 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਪਿੰਡ ਗੋਰਸੀਆਂ ਵਿਚ ਛਾਪਾਮਾਰੀ ਕਰਕੇ ਪੁਲਿਸ ਨੇ ਬਲਜਿੰਦਰ ਕੌਰ ਉਰਫ ਜਿੰਦੋ ਵਾਸੀ ਪਿੰਡ ਰਜਾਪੁਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਅੱਠ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਵਲੋਂ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ | ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਸਤਪਾਲ ਸਿੰਘ ਵਾਸੀ ਮਨਜੀਤ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਵਲੋਂ ਉਸ ਨੂੰ ਰੇਲਵੇ ਕਵਾਟਰਾਂ ਨੇੜਿਉਂ ਕਾਬੂ ਕੀਤਾ ਗਿਆ ਹੈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗੀ |