ਲੁਧਿਆਣਾ, 1 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 6 ਕਿੱਲੋ 750 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਐਸ.ਐਚ.ਓ. ਪਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਅਜੇ ਕੁਮਾਰ ਸਾਹਨੀ ਵਾਸੀ ਬਿਹਾਰ ਵਜੋਂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਬਿਹਾਰ ਤੋਂ ਗਾਂਜਾ ਲਿਆ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਸਪਲਾਈ ਕਰਦਾ ਸੀ | ਉਨ੍ਹਾਂ ਦੱਸਿਆ ਕਿ ਬੀਤੀ ਰਾਤ ਉਸ ਨੂੰ ਰੇਲਵੇ ਸਟੇਸ਼ਨ ਨੇੜੇ ਕਾਬੂ ਕੀਤਾ ਹੈ | ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ |