ਲੁਧਿਆਣਾ, 2 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਪੁਲਿਸ ਦੇ ਅੰਨੇ੍ਹ ਤਸ਼ੱਦਦ ਦਾ ਸ਼ਿਕਾਰ ਟੈਕਸੀ ਚਾਲਕ ਰਣਜੋਤ ਸਿੰਘ ਦੇ ਘਰ ਪਹੁੰਚ ਕੇ ਉਸ ਨਾਲ ਮੁਲਾਕਾਤ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਉਨ੍ਹਾਂ ਪੀੜਤ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਸੰਘਰਸ਼ ਕਰਨ ਦਾ ਭਰੋਸਾ ਦਿਵਾਇਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਝਿੰਜਰ ਨੇ ਕਿਹਾ ਕਿ ਪੰਜਾਬ ਅੰਦਰ ਕਿਸੇ ਵੀ ਸਿੱਖ ਨੌਜਵਾਨ ਨਾਲ ਧੱਕਾ-ਜ਼ਬਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਕਾਨੂੰਨ ਦੀ ਰਾਖੀ ਕਰਨ ਵਾਲੇ ਹੀ ਕਾਨੂੰਨ ਨੂੰ ਪੈਰਾਂ ਹੇਠਾਂ ਰੋਂਦਣ ਲੱਗ ਪੈਣ ਤਾਂ ਆਮ ਆਦਮੀ ਇਨਸਾਫ਼ ਲਈ ਕਿੱਥੇ ਜਾਵੇਗਾ? ਉਨ੍ਹਾਂ ਪੰਜਾਬ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜਿਹੜੇ ਪੁਲਿਸ ਮੁਲਾਜ਼ਮ ਇਸ ਘਿਣਾਉਣੀ ਘਟਨਾ ਵਿਚ ਸ਼ਾਮਿਲ ਹਨ, ਉਨ੍ਹਾਂ ਨੂੰ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ, ਨਹੀਂ ਤਾਂ ਸ਼੍ਰੋਮਣੀ ਅਕਾਲੀ ਦਲ ਸੜਕਾਂ 'ਤੇ ਉਤਰ ਕੇ ਸੰਘਰਸ਼ ਕਰਨ ਲਈ ਮਜਬੂਰ ਹੋਵੇਗਾ | ਝਿੰਜਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਚੁੱਪ ਇਹ ਸਾਬਤ ਕਰਦੀ ਹੈ ਕਿ ਸਰਕਾਰ ਪੁਲਿਸ ਦੇ ਜ਼ੁਲਮਾਂ ਨੂੰ ਖੁੱਲ੍ਹੀ ਛੂਟ ਦੇ ਰਹੀ ਹੈ | ਧਰਮ ਦੇ ਆਧਾਰ 'ਤੇ ਕਿਸੇ ਵੀ ਨੌਜਵਾਨ ਨਾਲ ਹੋਣ ਵਾਲੀ ਬੇਇਨਸਾਫ਼ੀ ਨੂੰ ਸ਼੍ਰੋਮਣੀ ਅਕਾਲੀ ਦਲ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗਾ | ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਤੇ ਧਰਮ ਵਿਰੋਧੀ ਸੋਚ ਰੱਖਣ ਵਾਲੇ ਅਨਸਰਾਂ ਨੂੰ ਤੁਰੰਤ ਨੱਥ ਪਾਉਣ ਦੀ ਲੋੜ ਹੈ, ਨਹੀਂ ਤਾਂ ਇਸ ਦੇ ਨਤੀਜੇ ਭੁਗਤਣ ਲਈ ਪੰਜਾਬ ਸਰਕਾਰ ਖੁਦ ਜ਼ਿੰਮੇਵਾਰ ਹੋਵੇਗੀ | ਇਸ ਦੌਰਾਨ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਜਸਦੀਪ ਸਿੰਘ ਕਾਉਂਕੇ ਨੇ ਕਿਹਾ ਕਿ ਪੰਜਾਬ ਵਿਚ ਅੱਜ ਕੱਲ੍ਹ ਜੰਗਲ ਰਾਜ ਹੈ | ਸੂਬਾ ਸਰਕਾਰ ਵਲੋਂ ਆਮ ਲੋਕਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ, ਪਰ ਉਨ੍ਹਾਂ ਦੀ ਕਿਧਰੇ ਸੁਣਵਾਈ ਨਹੀਂ ਹੋ ਰਹੀ | ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਹ ਧੱਕਾ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ ਅਤੇ ਪੀੜਤ ਨੂੰ ਇਨਸਾਫ਼ ਦਿਵਾ ਕੇ ਰਹਾਂਗੇ | ਇਸ ਮੌਕੇ ਰੱਖਵਿੰਦਰ ਸਿੰਘ ਗਾਬੜੀਆ, ਅਮਨਜੋਤ ਸਿੰਘ ਗੋਹਲਵੜੀਆ, ਜਸਦੀਪ ਸਿੰਘ ਕਾਉਂਕੇ, ਸਿਮਰਨਜੀਤ ਸਿੰਘ ਹਨੀ ਚੰਡੋਕ, ਸਿਮਰਨ ਸਿੰਘ ਚੰਡੋਕ, ਕਵਲਜੀਤ ਸਿੰਘ, ਪਿ੍ਤਪਾਲ ਸਿੰਘ ਰੰਧਾਵਾ, ਬਲਜਿੰਦਰ ਸਿੰਘ, ਪ੍ਰੀਤਮ ਸਿੰਘ ਖ਼ਾਲਸਾ, ਜਤਿੰਦਰ ਸਿੰਘ ਖ਼ਾਲਸਾ, ਭਵਨਜੀਤ ਸਿੰਘ ਸਿੱਧੂ, ਉਪਜਿੰਦਰ ਸਿੰਘ, ਰਾਜਵਿੰਦਰ ਸਿੰਘ ਮਾਂਗਟ ਆਦਿ ਹਾਜ਼ਰ ਸਨ |