ਲੁਧਿਆਣਾ, 2 ਫ਼ਰਵਰੀ (ਭੁਪਿੰਦਰ ਸਿੰਘ ਬੈਂਸ)-ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਾਰਡ ਨੰਬਰ 43 ਅਧੀਨ ਕੋਟ ਮੰਗਲ ਸਿੰਘ, ਗਲੀ ਨੰਬਰ 33 ਵਿਖੇ ਆਰ.ਐੱਮ.ਸੀ. ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ | ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਇਸ ਖੇਤਰ ਦੀਆਂ ਸੜਕਾਂ ਵੱਲ ਧਿਆਨ ਨਹੀਂ ਦਿੱਤਾ ਗਿਆ ਅਤੇ ਇਹ ਸੜਕਾਂ ਪਿਛਲੇ 25 ਸਾਲਾਂ ਤੋਂ ਨਹੀਂ ਬਣੀਆਂ ਸਨ, ਹੁਣ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਪੂਰੀ ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਸੜਕਾਂ ਦੀ ਹਾਲਤ ਬਹੁਤ ਖਰਾਬ ਸੀ ਅਤੇ ਵਰਖਾ ਰੁੱਤ ਦੌਰਾਨ ਇੱਥੋਂ ਗੁਜ਼ਰਨਾ ਬਹੁਤ ਮੁਸ਼ਕਲ ਹੋ ਜਾਂਦਾ ਸੀ | ਵਿਧਾਇਕ ਛੀਨਾ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਨਾ ਸਿਰਫ਼ ਲੋਕਾਂ ਦੀ ਆਵਾਜਾਈ ਸੁਖਾਵੀਂ ਹੋਵੇਗੀ, ਸਗੋਂ ਵਿਕਾਸ ਦਾ ਰਾਹ ਵੀ ਪੱਧਰਾ ਹੋਵੇਗਾ | ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਰਾਜ ਵਿਚ ਵਿਕਾਸ ਕਾਰਜਾਂ ਲਈ ਨਿਰੰਤਰ ਗਰਾਂਟ ਜਾਰੀ ਕੀਤੀ ਜਾ ਰਹੀ ਹੈ |