ਭਾਮੀਆਂ ਕਲਾਂ, 4 ਫਰਵਰੀ (ਜਤਿੰਦਰ ਭੰਬੀ)-ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਬੁੱਧਵਾਰ ਨੂੰ ਪਿੰਡ ਕਾਸਾਬਾਦ ਵਿਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਅੰਮਿ੍ਤਸਰ ਸਾਹਿਬ ਜਾਣ ਵਾਲੇ ਸ਼ਰਧਾਲੂਆ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਕੈਬਨਿਟ ਮੰਤਰੀ ਮੁੰਡੀਆਂ ਨੇ ਸ਼ਰਧਾਲੂਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਧਾਰਮਿਕ ਸਥਾਨਾਂ ਦੇ ਮੁਫ਼ਤ ਵਿਚ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਹੈ | ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਅੰਮਿ੍ਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦੀ ਸਹੂਲਤ ਦਿੱਤੀ ਜਾਵੇਗੀ | ਹਰਦੀਪ ਸਿੰਘ ਮੁੰਡੀਆਂ ਨੇ ਅੱਗੇ ਕਿਹਾ ਕਿ ਰਾਜ ਸਰਕਾਰ ਨੇ ਸ਼ਰਧਾਲੂਆਂ ਲਈ ਮੁਫ਼ਤ ਅਤੇ ਆਰਾਮਦਾਇਕ ਠਹਿਰਨ ਲਈ ਵਿਸਤਰਿਤ ਪ੍ਰਬੰਧ ਕੀਤੇ ਹਨ | ਉਨ੍ਹਾਂ ਕਿਹਾ ਕਿ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਯਾਤਰਾ ਲਈ ਰਜਿਸਟਰ ਕੀਤਾ ਗਿਆ ਹੈ ਅਤੇ ਰਜਿਸਟ੍ਰੇਸ਼ਨ ਲਈ ਵੋਟਰ ਆਈ.ਡੀ. ਕਾਰਡ ਲਾਜ਼ਮੀ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਏ.ਸੀ. ਬੱਸਾਂ, ਹੋਟਲ ਰਿਹਾਇਸ਼ ਅਤੇ ਖਾਣਾ ਮੁਫ਼ਤ ਪ੍ਰਦਾਨ ਕੀਤਾ ਜਾਵੇਗਾ |