ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਅਕਾਲੀ ਆਗੂਆਂ ਵੱਲੋਂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਅਤੇ ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਢਿੱਲੋਂ ਵੀ ਸਨ | ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਪੂਰੀ ਚੜ੍ਹਦੀ ਕਲਾ ਵਿਚ ਹਨ ਅਤੇ ਉਨ੍ਹਾਂ ਦੀ ਰਿਹਾਈ ਨਾਲ ਅਕਾਲੀ ਦਲ ਨੂੰ ਮਜ਼ਬੂਤੀ ਮਿਲੇਗੀ | ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਬੁਖਲਾਹਟ ਵਿਚ ਹੈ ਅਤੇ ਅਕਾਲੀ ਆਗੂਆਂ ਤੇ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ, ਪਰ ਅਕਾਲੀ ਦਲ ਨੂੰ ਹਮੇਸ਼ਾ ਹੀ ਵਾਹਿਗੁਰੂ ਅਤੇ ਦੇਸ਼ ਦੇ ਕਾਨੂੰਨ 'ਤੇ ਭਰੋਸਾ ਰਿਹਾ ਹੈ ਜਿਸ ਨੇ ਕਿ ਹਮੇਸ਼ਾ ਹੀ ਇਨਸਾਫ ਦਿੱਤਾ ਹੈ | ਇਸਦੀ ਤਾਜਾ ਮਿਸਾਲ ਬਿਕਰਮ ਸਿੰਘ ਮਜੀਠੀਆ ਹੈ | ਉਨ੍ਹਾਂ ਦੱਸਿਆ ਕਿ ਮਜੀਠੀਆ ਨੂੰ ਬਦਲਾਖੋਰੀ ਦੀ ਭਾਵਨਾ ਨਾਲ ਜੇਲ੍ਹ ਵਿਚ ਬੰਦ ਕੀਤਾ ਗਿਆ ਸੀ | ਆਗੂਆਂ ਨੇ ਕਿਹਾ ਕਿ ਲੋਕ ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਅਤੇ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਸੱਤਾ ਹਾਸਲ ਕਰੇਗਾ |