ਲੁਧਿਆਣਾ, 5 ਫਰਵਰੀ (ਡਾ. ਤਰਲੋਚਨ ਸਿੰਘ)-ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਲਈ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਦੁਰਗਿਆਣਾ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂਵਾਲਾ ਬਾਗ ਨੂੰ ਜਾਣ ਵਾਲੀ ਮੁਫ਼ਤ ਬੱਸ ਸੇਵਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਮੌਕੇ ਵਿਧਾਇਕ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਦੂਸਰੇ ਪੜਾਅ ਤਹਿਤ ਪੰਜਾਬ ਸਰਕਾਰ ਨੇ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਯੋਜਨਾ ਸ਼ੁਰੂ ਕੀਤੀ ਹੈ | ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਅੰਮਿ੍ਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨ ਦੀਦਾਰੇ ਕਰਵਾਏ ਜਾਣਗੇ | ਵਿਧਾਇਕ ਸਿੱਧੂ ਨੇ ਦੱਸਿਆ ਕਿ ਸ਼ਰਧਾਲੂਆਂ ਨੂੰ ਏ.ਸੀ ਬੱਸਾਂ, ਠਹਿਰਨ ਲਈ ਚੰਗੇ ਹੋਟਲ ਅਤੇ ਖਾਣਾ ਮੁਫ਼ਤ ਪ੍ਰਦਾਨ ਕੀਤਾ ਜਾਵੇਗਾ | ਇਸ ਤੋਂ ਇਲਾਵਾ ਹਰੇਕ ਬੱਸ ਵਿਚ ਯਾਤਰੀਆਂ ਦੇ ਸਹਿਯੋਗ ਲਈ ਇਕ ਸਹਾਇਕ ਹੋਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਦੀ ਸੂਰਤ ਵਿਚ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਇਕ ਮੈਡੀਕਲ ਟੀਮ ਦਾ ਵੀ ਪ੍ਰਬੰਧ ਕੀਤਾ ਗਿਆ ਹੈ | ਇਸ ਮੌਕੇ ਸ਼ਰਧਾਲੂਆਂ ਵਲੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ |