ਲੁਧਿਆਣਾ, 6 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਿਹਰਬਾਨ ਦੀ ਪੁਲਿਸ ਨੇ ਕੈਲਾਸ਼ ਨਗਰ ਵਿਖੇ ਬੀਤੇ ਦਿਨ ਹੋਏ ਧਾਰਮਿਕ ਸਮਾਗਮ ਦੌਰਾਨ ਅਸ਼ਲੀਲ ਗਾਣਿਆਂ 'ਤੇ ਡਾਂਸ ਕਰਨ ਦੇ ਮਾਮਲੇ ਵਿਚ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਹੌਲਦਾਰ ਤਲਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਚਾਰ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਕਲਾਸ ਨਗਰ ਵਿਚ ਇੱਕ ਧਾਰਮਿਕ ਸਮਾਗਮ ਸੀ ਅਤੇ ਧਾਰਮਿਕ ਸਮਾਗਮ ਸਬੰਧੀ ਪ੍ਰਬੰਧਕਾਂ ਵਲੋਂ ਕਿਸੇ ਕਿਸਮ ਦੀ ਮਨਜ਼ੂਰੀ ਹਾਸਿਲ ਨਹੀਂ ਕੀਤੀ ਗਈ ਸੀ | ਪ੍ਰੋਗਰਾਮ ਵਿਚ ਡੀਜੇ ਚਾਲਕ ਵੱਲੋਂ ਅਸ਼ਲੀਲ ਗਾਣੇ ਚਲਾ ਕੇ ਡਾਂਸ ਕਰਨਾ ਸ਼ੁਰੂ ਕਰ ਦਿੱਤਾ ਅਤੇ ਜਿਸ ਨਾਲ ਹਿੰਦੂ ਧਰਮ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ | ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |