ਲੁਧਿਆਣਾ, 6 ਫਰਵਰੀ (ਭੁਪਿੰਦਰ ਸਿੰਘ ਬੈਂਸ)-ਅਧਿਆਪਕਾਂ ਅਤੇ ਮੁਲਾਜ਼ਮਾਂ ਯੂਨੀਅਨਾਂ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਇਕਜੁੱਟ ਹੋ ਕੇ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਗੱਲਬਾਤ ਦੌਰਾਨ ਕਿਹਾ ਕਿ ਅਧਿਆਪਕ ਵਰਗ ਅਤੇ ਮੁਲਾਜ਼ਮ ਯੂਨੀਅਨਾਂ ਵਲੋਂ 7 ਫਰਵਰੀ ਨੰੂ ਜਲੰਧਰ ਦੇ ਦੇਸ਼ ਭਗਤ ਯਾਦਗਾਰੀ ਹਾਲ ਵਿਚ ਸੂਬਾ ਪੱਧਰੀ ਮੀਟਿੰਗ ਕੀਤੀ ਜਾਵੇਗੀ, ਜਿਸ ਵਿਚ ਅਗਲੇ ਸੰਘਰਸ਼ੀ ਐਕਸ਼ਨ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਐਲੀਮੈਂਟਰੀ ਟੀਚਰ ਯੂਨੀਅਨ, ਪੰਜਾਬ, ਮਾਸਟਰ ਕੇਡਰ ਯੂਨੀਅਨ ਪੰਜਾਬ, ਲੈਕਚਰਾਰ ਕੇਡਰ ਯੂਨੀਅਨ ਪੰਜਾਬ ਅਤੇ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਪੰਜਾਬ ਵਲੋਂ ਸਾਂਝੇ ਤੌਰ 'ਤੇ ਇਕੱਠੇ ਹੋ ਕੇ ਅਧਿਆਪਕਾਂ ਅਤੇ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਲਈ ਸੰਘਰਸ਼ ਨੰੂ ਅੱਗੇ ਵਧਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 2011 ਤੋਂ ਪਹਿਲਾਂ ਭਰਤੀ ਹੋਏ ਅਧਿਆਪਕਾਂ ਅਤੇ ਨਾਨ-ਟੀਚਿੰਗ ਕਰਮਚਾਰੀਆਂ 'ਤੇ ਟੈਟ ਦੀ ਸ਼ਰਤ ਥੋਪਣਾ, ਤਰੱਕੀਆਂ ਲਈ ਟੈਟ ਲਾਗੂ ਕਰਨਾ, ਨੌਕਰੀ ਸੁਰੱਖਿਆ, ਵਿੱਤੀ ਮੰਗਾਂ ਦਾ ਹੱਲ ਨਾ ਕਰਨਾ, ਗੈਰ ਵਿੱਦਿਅਕ ਕੰਮਾਂ ਅਤੇ ਬੀ.ਐਲ.ਓ. ਵਰਗੀਆਂ ਬੇਲੋੜੀਆਂ ਡਿਊਟੀਆਂ ਲਗਾਉਣਾ ਅਧਿਆਪਕ ਤੇ ਮੁਲਾਜ਼ਮ ਵਰਕ 'ਤੇ ਭਾਰੀ ਮਾਨਸਿਕ ਦਬਾਅ ਪਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨਾਲ ਕਈ ਵਾਰ ਮੀਟਿੰਗਾਂ ਹੋਣ ਦੇ ਬਾਵਜੂਦ ਮੰਗਾਂ ਦਾ ਹੱਲ ਨਾ ਨਿਕਲਣਾ ਸਰਕਾਰ ਦੀ ਟਾਲਮਟੋਲ ਨੀਤੀ ਨੰੂ ਦਰਸਾਉਂਦਾ ਹੈ | ਇਸ ਕਾਰਨ ਅਧਿਆਪਕ ਤੇ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ 7 ਫਰਵਰੀ ਦੀ ਭਰਾਤਰੀ ਮੀਟਿੰਗ ਵਿਚ ਭਰਾਤਰੀ ਜਥੇਬੰਦੀਆਂ ਇਕੱਠੇ ਹੋ ਕੇ ਆਮ ਲੋਕਾਂ ਨੰੂ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਤੋਂ ਵੀ ਜਾਣੂ ਕਰਵਾਉਣਗੀਆਂ |