ਲੁਧਿਆਣਾ, 6 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਲੜਕੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਸਰਪੰਚ ਸਮੇਤ 27 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਧਾਂਦਰਾ ਦੀ ਰਹਿਣ ਵਾਲੀ ਸਿਮਰਨ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ 'ਚ ਸਰਪੰਚ ਸੰਜੇ ਤਿਵਾੜੀ ਆਕਾਸ਼ ਅਤੇ ਉਨ੍ਹਾਂ ਦੇ 26 ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਨੇ ਬੀਤੇ ਦਿਨ ਇਲਾਕੇ ਦੇ ਵਿਕਾਸ ਕਾਰਜਾਂ ਸਬੰਧੀ ਸੰਜੇ ਤਿਵਾੜੀ ਖ਼ਿਲਾਫ਼ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਅੱਪਲੋਡ ਕੀਤੀ ਸੀ, ਜਿਸ ਕਾਰਨ ਉਕਤ ਕਥਿਤ ਦੋਸ਼ੀ ਵੱਲੋਂ ਪਹਿਲਾਂ ਉਸ ਨੂੰ ਗਲੀ ਵਿਚ ਘੇਰ ਕੇ ਗਾਲ੍ਹਾਂ ਕੱਢੀਆਂ ਗਈਆਂ ਅਤੇ ਬਾਅਦ ਵਿਚ ਉਸਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ | ਕਥਿਤ ਦੋਸ਼ੀਆਂ ਉੱਪਰ ਉਸਨੇ ਅਸ਼ਲੀਲ ਹਰਕਤਾਂ ਕਰਨ ਦਾ ਦੋਸ਼ ਲਗਾਇਆ ਹੈ | ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਵਲੋਂ ਉਸ ਦੇ ਘਰ 'ਤੇ ਪਥਰਾਅ ਵੀ ਕੀਤਾ ਗਿਆ | ਬਾਅਦ ਵਿਚ ਇਸ ਕਥਿਤ ਦੋਸ਼ੀ ਉਸ ਨੂੰ ਧਮਕੀਆਂ ਦੇ ਕੇ ਫ਼ਰਾਰ ਹੋ ਗਏ | ਸ਼ਿਕਾਇਤ ਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ |