ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 25 ਲੱਖ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਦੋ ਔਰਤਾਂ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵੱਲੋਂ ਇਹ ਕਾਰਵਾਈ ਜੀਵਨ ਕੁਮਾਰ ਵਾਸੀ ਭਗਵਾਨ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਨੇ ਨਵਜੋਤ ਕੌਰ ਪਤਨੀ ਪਰਮਿੰਦਰ ਸਿੰਘ ਵਾਸੀ ਪ੍ਰਭਾਤ ਨਗਰ ਉਸਦੇ ਪਤੀ ਪਰਮਿੰਦਰ ਸਿੰਘ ਮਨਪ੍ਰੀਤ ਕੌਰ ਵਿਪਨ ਵਾਸੀ ਗੁਰਦੇਵ ਨਗਰ ਅਤੇ ਇੰਦਰਜੀਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਗੁਰਦੇਵ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸਦਾ ਜੀਜਾ ਭੈਣ ਪਿੰਕੀ ਸ਼ਰਮਾ ਅਤੇ ਜੀਜਾ ਦੀਪਕ ਸ਼ਰਮਾ ਵਿਦੇਸ਼ ਜਾਣ ਦਾ ਇੱਛੁਕ ਸੀ, ਇਸ ਲਈ ਉਹ ਉਕਤ ਦੋਸ਼ੀਆਂ ਨੂੰ ਮਿਲਿਆ | ਕਥਿਤ ਦੋਸ਼ੀਆਂ ਨੇ ਉਨ੍ਹਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 25 ਲੱਖ ਰੁਪਏ ਲੈ ਲਏ ਪਰ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ | ਸ਼ਿਕਾਇਤ ਕਰਤਾ ਵੱਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਤਾਂ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |