ਭਾਮੀਆਂ ਕਲਾਂ, 22 ਫਰਵਰੀ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਸੰਗਠਨ ਇੰਚਾਰਜ, ਮੈਂਬਰ ਜ਼ਿਲ੍ਹਾ ਯੋਜਨਾ ਬੋਰਡ ਲੁਧਿਆਣਾ ਅਤੇ ਹਲਕਾ ਸਮਰਾਲਾ ਦੇ ਦੋ ਬਲਾਕਾਂ ਦੇ ਸੰਗਠਨ ਇੰਚਾਰਜ ਤੇਜਿੰਦਰ ਸਿੰਘ ਮਿੱਠੂ ਨੇ ਸੂਬਾ ਸਰਕਾਰ ਵਲੋਂ ਲਿਆਂਦੀ ਗਈ ਸਿਹਤ ਕ੍ਰਾਂਤੀ, ਸੜਕ ਕ੍ਰਾਂਤੀ ਅਤੇ ਸਿੱਖਿਆ ਕ੍ਰਾਂਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਤੋਂ ਸੂਬੇ ਦੇ ਲੋਕ ਬੇਹੱਦ ਖੁਸ਼ ਨਜ਼ਰ ਆ ਰਹੇ ਹਨ, ਜਿਸ ਨੂੰ ਦੇਖ ਕੇ ਵਿਰੋਧੀ ਬੌਖਲਾਹਟ ਵਿਚ ਆ ਕੇ ਸਰਕਾਰ ਨੂੰ ਬਦਨਾਮ ਕਰਨ ਦੀਆਂ ਕੋਝੀਆਂ ਚਾਲਾਂ ਚੱਲ ਰਹੇ ਹਨ, ਜਦਕਿ ਸੂਬੇ ਦੇ ਲੋਕ ਜਾਗਰੂਕ ਹੋ ਚੁੱਕੇ ਹਨ ਕਿ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਜੇਕਰ ਅਮਲੀਜਾਮਾ ਪਹਿਨਾਇਆ ਹੈ ਤਾਂ ਉਹ ਸਿਰਫ਼ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਹੈ, ਨਹੀਂ ਤਾਂ ਕਾਂਗਰਸ ਅਤੇ ਅਕਾਲੀ ਦਲ ਇਕ ਦੂਜੇ ਨਾਲ ਮਿਲ ਕੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਹੀ ਡੰਗ ਟਪਾਉਂਦੇ ਰਹੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ, ਜਿਸ ਨੇ ਸੂਬੇ ਦੇ ਚਹੁਮੁਖੀ ਵਿਕਾਸ ਦੇ ਨਾਲ ਸਿੱਖਿਆ ਕ੍ਰਾਂਤੀ ਵਿਚ ਵੱਡੀ ਤਬਦੀਲੀ ਲਿਆਂਦੀ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਦੀ ਅੱਜ ਹਰ ਵਰਗ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ | ਇਸੇ ਮੁਹਿੰਮ ਤਹਿਤ ਸ਼ੁਰੂ ਕੀਤੇ ਗਏ ਦੂਜੇ ਪੜਾਅ ਦੌਰਾਨ ਵੀ ਅਨੇਕਾਂ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਜੇਲ੍ਹਾਂ ਵਿਚ ਸੁੱਟਿਆ ਜਾ ਰਿਹਾ ਹੈ |