ਲੁਧਿਆਣਾ, 23 ਫਰਵਰੀ (ਡਾ. ਤਰਲੋਚਨ ਸਿੰਘ)-ਖ਼ਾਲਸਾ ਕਾਲਜ ਫ਼ਾਰ ਵੁਮੈਨ, ਸਿਵਲ ਲਾਈਨ ਵਿਖੇ ਦੋ ਦਿਨਾਂ ਵਿਸ਼ੇਸ਼ ਪੁਸਤਕ ਪ੍ਰਦਰਸ਼ਨੀ ਲਗਾਈ ਗਈ | ਇਸ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਵਿਦਿਆਰਥਣਾਂ ਵਿਚ ਪੜ੍ਹਨ ਦੀ ਆਦਤ ਨੂੰ ਪ੍ਰੋਤਸਾਹਿਤ ਕਰਨਾ ਅਤੇ ਪੁਸਤਕ ਸੰਸਕਾਰ ਨੂੰ ਮਜ਼ਬੂਤ ਬਣਾਉਣਾ ਸੀ | ਕਾਲਜ ਦੇ ਮੁੱਖ ਹਾਲ ਵਿਚ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਅਕਾਦਮਿਕ, ਸਾਹਿੱਤਿਕ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਦੀਆਂ ਪੁਸਤਕਾਂ ਪ੍ਰਦਰਸ਼ਿਤ ਕੀਤੀਆਂ ਗਈਆਂ | ਇਸ ਪ੍ਰਦਰਸ਼ਨੀ ਵਿਚ ਗੁਰਮਤ ਨਾਲ ਸੰਬੰਧਿਤ ਪੁਸਤਕਾਂ ਵੀ ਵਿਸ਼ੇਸ਼ ਰੂਪ ਵਿਚ ਸ਼ਾਮਿਲ ਸਨ, ਜਿਨ੍ਹਾਂ ਰਾਹੀਂ ਵਿਦਿਆਰਥਣਾਂ ਨੂੰ ਸਿੱਖ ਇਤਿਹਾਸ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਨੈਤਿਕ ਮੁੱਲਾਂ ਬਾਰੇ ਜਾਣਕਾਰੀ ਪ੍ਰਾਪਤ ਹੋਈ | ਪ੍ਰਦਰਸ਼ਨੀ ਦੌਰਾਨ ਵਿਦਿਆਰਥਣਾਂ ਵਿਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਕਈਆਂ ਨੇ ਆਪਣੀ ਰੁਚੀ ਅਨੁਸਾਰ ਪੁਸਤਕਾਂ ਦੀ ਚੋਣ ਕੀਤੀ | ਇਸ ਤਰ੍ਹਾਂ ਦੇ ਪ੍ਰਬੰਧ ਵਿਦਿਆਰਥਣਾਂ ਦੇ ਬੌਧਿਕ ਅਤੇ ਨੈਤਿਕ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਕਮਲਜੀਤ ਗਰੇਵਾਲ ਨੇ ਸੰਬੋਧਨ ਕਰਦਿਆਂ ਪੁਸਤਕਾਂ ਨੂੰ ਜੀਵਨ ਦਾ ਅਹਿਮ ਸਾਥੀ ਦੱਸਿਆ | ਉਨ੍ਹਾਂ ਵਿਦਿਆਰਥਣਾਂ ਨੂੰ ਨਿਰੰਤਰ ਪਾਠਣ ਲਈ ਪ੍ਰੇਰਿਤ ਕੀਤਾ | ਲਾਇਬ੍ਰੇਰੀਅਨ ਵੀਰਪਾਲ ਕੌਰ ਨੇ ਵਿਦਿਆਰਥਣਾਂ ਨੂੰ ਪੜ੍ਹਨ ਦੀ ਆਦਤ ਵਿਕਸਿਤ ਕਰਨ ਅਤੇ ਗਿਆਨ ਵਿਚ ਵਾਧਾ ਕਰਨ ਲਈ ਇਸ ਪ੍ਰਦਰਸ਼ਨੀ ਦਾ ਪੂਰਾ ਲਾਭ ਲੈਣ ਦੀ ਅਪੀਲ ਕੀਤੀ | ਇਸ ਮੌਕੇ 'ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗੁਰਮਤ ਨਾਲ ਸੰਬੰਧਿਤ ਪੁਸਤਕਾਂ ਵਿਦਿਆਰਥੀਆਂ ਨੂੰ ਮੁਫ਼ਤ ਵੰਡੀਆਂ ਗਈਆਂ | ਇਸ ਮੌਕੇ ਲਾਇਬਰੇਰੀ ਸਟਾਫ਼, ਲਾਇਬਰੇਰੀ ਕਮੇਟੀ ਦੇ ਮੈਂਬਰ ਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ |