ਲੁਧਿਆਣਾ, 24 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਦਾਜ ਖਾਤਰ ਵਿਆਹੁਤਾ ਨੂੰ ਤੰਗ ਪਰੇਸ਼ਾਨ ਕਰਨ ਦੇ ਮਾਮਲਿਆਂ ਵਿਚ ਸਹੁਰੇ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪਹਿਲੇ ਮਾਮਲੇ ਵਿਚ ਪੁਲਿਸ ਨੇ ਜੈਸਮੀਨ ਖਾਤੁਨ ਵਾਸੀ ਜਗੀਰਪੁਰ ਦੀ ਸ਼ਿਕਾਇਤ 'ਤੇ ਸਲੀਮ ਸ਼ੇਖ ਮੁਹੰਮਦ ਇਦੂ ਅਲੀ ਅਤੇ ਕੇਸਰ ਜਹਾਂ ਵਾਸੀ ਪਿੰਡ ਢੋਲੇਵਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਸਲੀਮ ਸ਼ੇਖ ਨਾਲ ਸਾਲ 2019 ਵਿਚ ਹੋਈ ਸੀ, ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਹੀ ਕਥਿਤ ਦੋਸ਼ੀਆਂ ਵਲੋਂ ਉਸ ਨੂੰ ਦਾਜ ਖਾਤਰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਕੁੱਝ ਦਿਨ ਪਹਿਲਾਂ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਅਨੁਰਾਧਾ ਵਾਸੀ ਗੁਰੂ ਅਰਜਨ ਦੇਵ ਨਗਰ ਦੀ ਸ਼ਿਕਾਇਤ 'ਤੇ ਸਵਪਨ ਦੱਤਾ ਵਾਸੀ ਫਰੈਂਡਜ਼ ਕਾਲੋਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਤੰਗ ਪਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਵਲੋਂ ਇਸ ਮਾਮਲੇ ਦੀ ਵੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ |