ਲੁਧਿਆਣਾ, 24 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਪਤਨੀ ਦੀਆਂ ਇਤਰਾਜ਼ਯੋਗ ਤਸਵੀਰਾਂ ਖਿੱਚ ਕੇ ਉਸ ਨੂੰ ਬਲੈਕ ਮੇਲ ਕਰਨ ਅਤੇ ਤੰਗ ਪਰੇਸ਼ਾਨ ਕਰਨ ਦੇ ਮਾਮਲੇ ਵਿਚ ਪਤੀ ਸਮੇਤ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਔਰਤ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਵਲੋਂ ਸ਼ਹਿਰ ਦੇ ਉੱਘੇ ਕਾਰੋਬਾਰੀ ਔਰਤ ਦੇ ਪਤੀ ਰਾਹੁਲ ਬਾਵਾ, ਸਹੁਰਾ ਗੁਲਸ਼ਨ ਬਾਵਾ ਅਤੇ ਸੱਸ ਅੰਜੂ ਬਾਵਾ ਵਾਸੀ ਸਨਵਿਉ ਇਨਕਲੇਵ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨਾਲ ਉਸ ਦਾ ਵਿਆਹ ਚਾਰ ਸਾਲ ਪਹਿਲਾਂ ਹੋਇਆ ਸੀ, ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਹੀ ਉਸ ਨੇ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ | ਉਸ ਨੇ ਦੱਸਿਆ ਕਿ ਹਾਲਾਂਕਿ ਉਸ ਦੇ ਮਾਪਿਆਂ ਵਲੋਂ ਉਸ ਨੂੰ ਦਾਜ ਵਿਚ ਕਰੋੜਾਂ ਰੁਪਏ ਦਾ ਦਾਜ ਦਿੱਤਾ ਸੀ, ਪਰ ਕਥਿਤ ਦੋਸ਼ੀ ਅਕਸਰ ਉਸ ਨੂੰ ਇਸ ਲਈ ਤੰਗ ਪਰੇਸ਼ਾਨ ਕਰਦੇ ਸਨ | ਉਸ ਨੇ ਦੋਸ਼ ਲਗਾਇਆ ਕਿ ਉਸ ਦੇ ਪਤੀ ਦੇ ਕੁੱਝ ਲੜਕੀਆਂ ਨਾਲ ਕਥਿਤ ਤੌਰ 'ਤੇ ਨਾਜਾਇਜ਼ ਸਬੰਧ ਵੀ ਹਨ, ਜਦੋਂ ਉਸ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਉਸ ਨੇ ਇਸ ਦਾ ਵਿਰੋਧ ਕੀਤਾ, ਜਿਸ 'ਤੇ ਕਥਿਤ ਦੋਸ਼ੀ ਵਲੋਂ ਉਸ ਦੀਆਂ ਇਤਰਾਜ਼ਯੋਗ ਤਸਵੀਰਾਂ ਦਿਖਾ ਕੇ ਉਸ ਨੂੰ ਲਗਾਤਾਰ ਬਲੈਕਮੇਲ ਕੀਤਾ ਜਾਂਦਾ ਰਿਹਾ | ਬੀਤੇ ਦਿਨ ਕਥਿਤ ਦੋਸ਼ੀ ਵਲੋਂ ਉਸ ਦੀ ਅਜਿਹੀ ਵੀਡੀਓ ਵੀ ਬਣਾ ਲਈ ਅਤੇ ਬਾਅਦ ਵਿਚ ਉਸ ਨੂੰ ਕੁੱਟ ਮਾਰ ਕੇ ਘਰੋਂ ਬਾਹਰ ਕੱਢ ਦਿੱਤਾ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਹੋਇਆਂ ਇਸ ਮਾਮਲੇ ਦੀ ਜਾਂਚ ਦਾ ਕੰਮ ਥਾਣਾ ਸਰਾਭਾ ਨਗਰ ਦੇ ਐਸ.ਐਚ.ਓ. ਨੂੰ ਸੌਂਪਿਆ ਗਿਆ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |