ਲੁਧਿਆਣਾ, 25 ਫਰਵਰੀ (ਜਸਵਿੰਦਰ ਸਿੰਘ)-ਭਾਸ਼ਾ ਵਿਭਾਗ, ਪੰਜਾਬ ਵਲੋਂ ਐਸ.ਸੀ.ਡੀ. ਸਰਕਾਰੀ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਦਾ ਪ੍ਰਬੰਧ ਕੀਤਾ ਗਿਆ | ਇਸ ਸਮਾਗਮ ਦਾ ਉਦੇਸ਼ ਪੰਜਾਬੀ ਮਾਂ ਬੋਲੀ ਦੀ ਮਹੱਤਤਾ ਨੂੰ ਉਜਾਗਰ ਕਰਨਾ ਅਤੇ ਵਿਦਿਆਰਥੀਆਂ ਅਤੇ ਸਾਹਿਤ-ਪ੍ਰੇਮੀਆਂ ਵਿਚ ਭਾਸ਼ਾਈ ਚੇਤਨਾ ਦਾ ਪਸਾਰ ਕਰਨਾ ਸੀ | ਸਮਾਗਮ ਦੀ ਅਗਵਾਈ ਪਿ੍ੰਸੀਪਲ ਡਾ. ਗੁਰਸ਼ਰਨ ਜੀਤ ਸਿੰਘ ਸੰਧੂ ਵਲੋਂ ਕੀਤੀ ਗਈ | ਪਿ੍ੰਸੀਪਲ ਸੰਧੂ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ | ਉਨ੍ਹਾਂ ਨੇ ਇਸ ਕੌਮਾਂਤਰੀ ਦਿਹਾੜੇ 'ਤੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਣੀ ਮਾਤ ਭਾਸ਼ਾ 'ਤੇ ਮਾਣ ਕਰਨਾ ਚਾਹੀਦਾ ਹੈ ਅਤੇ ਇਸ ਦੇ ਨਾਲ ਨਾਲ ਉਨ੍ਹਾਂ ਨੇ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ-ਪ੍ਰਸਾਰ ਲਈ ਮਿਲ ਜੁਲ ਕੇ ਯਤਨ ਕਰਨ ਦਾ ਸੁਨੇਹਾ ਵੀ ਦਿੱਤਾ | ਉਨ੍ਹਾਂ ਕਿਹਾ ਕਿ ਮਾਤ ਭਾਸ਼ਾ ਦਿਵਸ ਜਸ਼ਨ ਵਾਂਗ ਮਨਾਉਣ ਦਾ ਦਿਨ ਨਹੀਂ ਹੈ, ਸਗੋਂ ਇਹ ਸਿਰ ਜੋੜ ਕੇ ਚਿੰਤਨ ਕਰਨ ਦਾ ਮੌਕਾ ਹੈ ਕਿ ਅਸੀਂ ਆਪਣੀ ਮਾਤ ਭਾਸ਼ਾ ਨੂੰ ਕਿਵੇਂ ਬਚਾ ਸਕਦੇ ਹਾਂ ਤੇ ਇਸ ਨੂੰ ਹੋਰ ਪ੍ਰਫੁੱਲਿਤ ਕਿਵੇਂ ਕਰ ਸਕਦੇ ਹਾਂ | ਇਸ ਮੌਕੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਜਸਵੰਤ ਸਿੰਘ ਜ਼ਫ਼ਰ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਮਾਤ ਭਾਸ਼ਾ ਸੰਬੰਧੀ ਵਿਚਾਰ ਦਿੰਦਿਆਂ ਕਿਹਾ ਕਿ ਭਾਸ਼ਾ ਦਾ ਸਬੰਧ ਸਾਡੀ ਹੋਂਦ ਅਤੇ ਹਸਤੀ ਨਾਲ ਹੈ | ਜ਼ਿਲ੍ਹਾ ਭਾਸ਼ਾ ਅਫ਼ਸਰ ਸੰਦੀਪ ਸ਼ਰਮਾ ਨੇ ਸਾਰੇ ਸਮਾਗਮ ਨੂੰ ਨੇਪਰੇ ਚਾੜ੍ਹਨ ਵਿਚ ਡਾਇਰੈਕਟਰ ਭਾਸ਼ਾ ਵਿਭਾਗ ਜਸਵੰਤ ਜ਼ਫ਼ਰ ਅਤੇ ਪਿ੍ੰਸੀਪਲ ਗੁਰਸ਼ਰਨਜੀਤ ਸਿੰਘ ਸੰਧੂ ਦਾ ਧੰਨਵਾਦ ਕੀਤਾ | ਇਸ ਮੌਕੇ ਉਨ੍ਹਾਂ ਮਾਤ ਭਾਸ਼ਾ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ | ਸਮਾਗਮ ਵਿਚ ਰਾਮ ਸਿੰਘ, ਤ੍ਰੈਲੋਚਨ ਲੋਚੀ, ਜਗਵਿੰਦਰ ਜੋਧਾ, ਮੁਕੇਸ਼ ਆਲਮ, ਕੋਮਲਦੀਪ, ਮਨਦੀਪ ਲੁਧਿਆਣਾ, ਪ੍ਰੋ. ਮਨਦੀਪ ਔਲਖ, ਪ੍ਰੋ. ਇਰਾਦੀਪ ਕਵੀਆਂ ਨੇ ਹਾਜ਼ਰੀ ਭਰੀ ਅਤੇ ਆਪਣੀਆਂ ਕਾਵਿ ਰਚਨਾਵਾਂ ਪੇਸ਼ ਕੀਤੀਆਂ ਅਤੇ ਮਾਂ ਬੋਲੀ ਦੇ ਮਹੱਤਵ ਬਾਰੇ ਵਿਚਾਰ ਸਾਂਝੇ ਕੀਤੇ | ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਸਤਨਾਮ ਵਾਹਿਦ ਨੇ ਨਿਭਾਈ | ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਗੀਤਾਂਜਲੀ ਨੇ ਇਸ ਸਮਾਗਮ ਵਿਚ ਪਹੁੰਚੀਆਂ ਸਾਰੀਆਂ ਸ਼ਖ਼ਸੀਅਤਾਂ ਅਤੇ ਸਾਰੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ | ਇਸ ਤੋਂ ਇਲਾਵਾ ਪੰਜਾਬੀ ਵਿਭਾਗ ਦੇ ਸਮੂਹ ਅਧਿਆਪਕ ਮੌਜੂਦ ਸਨ |