ਲੁਧਿਆਣਾ, 26 ਫਰਵਰੀ (ਜਤਿੰਦਰ ਭੰਬੀ)-ਲੁਧਿਆਣਾ ਐਲ.ਪੀ.ਜੀ. ਡੀਲਰਜ਼ ਐਸੋਸੀਏਸ਼ਨ ਵਲੋਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦਾ ਧੰਨਵਾਦ ਕੀਤਾ ਗਿਆ | ਜ਼ਿਕਰਯੋਗ ਹੈ ਕਿ ਐਲ.ਪੀ.ਜੀ. ਸਪਲਾਈ ਕਰਮਚਾਰੀਆਂ ਨਾਲ ਹੋਈ ਲੁੱਟ ਅਤੇ ਸਕੈਚਿੰਗ ਦੀਆਂ ਘਟਨਾਵਾਂ ਨੂੰ ਲੈ ਕੇ ਬੀਤੇ ਦਿਨੀਂ ਐਸੋ: ਦੇ ਪ੍ਰਧਾਨ ਮਨਜੀਤ ਸਿੰਘ ਅਤੇ ਸਮੂਹ ਮੈਂਬਰ ਪੁਲਿਸ ਕਮਿਸ਼ਨਰ ਨੂੰ ਮਿਲੇ ਸਨ | ਪੁਲਿਸ ਕਮਿਸ਼ਨਰ ਵਲੋਂ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਲਈ ਧੰਨਵਾਦ ਕਰਦਿਆਂ ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਪਿਛਲੇ ਕੁੱਝ ਹਫ਼ਤਿਆਂ ਦੌਰਾਨ ਐਲ.ਪੀ.ਜੀ. ਸਪਲਾਈ ਕਰਨ ਵਾਲਿਆਂ ਨਾਲ ਲਗਾਤਾਰ ਹੋ ਰਹੀਆਂ ਲੁੱਟਾਂ ਅਤੇ ਹਮਲੇ ਦੀਆਂ ਘਟਨਾਵਾਂ ਕਾਰਨ ਸਪਲਾਈ ਮੈਂਬਰਾਂ ਅਤੇ ਗੈਸ ਏਜੰਸੀ ਚਲਾਉਣ ਵਾਲਿਆਂ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਸੀ, ਜਿਸ ਨੂੰ ਦੇਖਦੇ ਹੋਏ ਪੁਲਿਸ ਕਮਿਸ਼ਨਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਪੁਲਿਸ ਮੁਲਾਜ਼ਮਾਂ ਨੇ 2 ਦਿਨਾਂ ਵਿਚ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ | ਐਸੋਸੀਏਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਨੇ ਕਿਹਾ ਕਿ ਉਹ ਭਵਿੱਖ ਵਿਚ ਵੀ ਪੁਲਿਸ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਜਾਰੀ ਰੱਖਣ ਲਈ ਵਚਨਬੱਧ ਹਨ |