ਲੁਧਿਆਣਾ, 5 ਮਾਰਚ (ਡਾ. ਤਰਲੋਚਨ ਸਿੰਘ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਮੋਹਨ ਦਈ ਹਸਪਤਾਲ ਵਿਖੇ ਜ਼ੇਰੇ ਇਲਾਜ ਇੱਕ ਨਸ਼ਾ ਵਿਰੋਧੀ ਕਾਰਕੁੰਨ ਨਾਲ ਮੁਲਾਕਾਤ ਕੀਤੀ | ਦੱਸਣਯੋਗ ਹੈ ਕਿ ਇਹ ਕਾਰਕੰੁਨ ਨਸ਼ਾ ਤਸਕਰੀ ਵਿਚ ਸ਼ਾਮਿਲ ਵਿਅਕਤੀਆਂ ਵਲੋਂ ਕੀਤੇ ਗਏ ਹਮਲੇ ਵਿਚ ਜ਼ਖ਼ਮੀ ਹੋ ਗਿਆ ਸੀ | ਆਪਣੀ ਫੇਰੀ ਦੌਰਾਨ ਬਲਤੇਜ ਪੰਨੂ ਨੇ ਪੀੜਤ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਪੰਜਾਬ ਸਰਕਾਰ ਵਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ | ਬਲਤੇਜ ਪੰਨੂ ਦੇ ਨਾਲ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਨਸ਼ਾ ਮੁਕਤੀ ਮੋਰਚਾ ਪੰਜਾਬ ਦੇ ਮੈਂਬਰ ਵੀ ਮੌਜੂਦ ਸਨ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਉਨ੍ਹਾਂ ਲੋਕਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਜੋ ਨਸ਼ਿਆਂ ਦੀ ਅਲਾਮਤ ਦਾ ਦਲੇਰੀ ਨਾਲ ਸਾਹਮਣਾ ਕਰ ਰਹੇ ਹਨ ਅਤੇ ਤਸਕਰੀ 'ਚ ਸ਼ਾਮਿਲ ਲੋਕਾਂ ਨੂੰ ਬੇਨਕਾਬ ਕਰ ਰਹੇ ਹਨ | ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਅਤੇ ਸਮੱਗਲਰਾਂ ਵਿਰੁੱਧ ਨਿਰੰਤਰ ਅਤੇ ਬਹੁ-ਪੱਖੀ ਜੰਗ ਲੜ ਰਹੀ ਹੈ | ਬਲਤੇਜ ਪੰਨੂ ਨੇ ਜ਼ਖ਼ਮੀ ਕਾਰਕੁਨ ਦੇ ਪਰਿਵਾਰ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਗਿ੍ਫਤਾਰੀਆਂ, ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਕੁਰਕ ਕਰਨ, ਐਨ.ਡੀ.ਪੀ.ਐਸ. ਐਕਟ ਤਹਿਤ ਸਜ਼ਾਵਾਂ ਦਿਵਾਉਣ ਅਤੇ ਲੋਕਾਂ ਦੀ ਸ਼ਮੂਲੀਅਤ ਰਾਹੀਂ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ |