ਲੁਧਿਆਣਾ, 9 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹਰ ਇਕ ਕੀਤੇ ਗਏ ਵਾਅਦੇ ਨੂੰ ਪੂਰਾ ਕੀਤਾ ਤੇ ਇਹ ਲੋਕ ਪੱਖੀ ਬਜਟ ਹੈ, ਜਿਸ ਨਾਲ ਹਰ ਵਰਗ ਦੇ ਤਰੱਕੀ ਦੇ ਨਵੇਂ ਰਾਹ ਖੁੱਲ੍ਹਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਜੈ ਦਾਨਵ ਚੇਅਰਮੈਨ ਦਲਿਤ ਵਿਕਾਸ ਬੋਰਡ ਪੰਜਾਬ ਸਰਕਾਰ ਵਲੋਂ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ | ਇਸ ਦੌਰਾਨ ਵਿਜੈ ਦਾਨਵ ਨੇ ਕਿਹਾ ਕਿ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਬਜਟ ਵਿਚ 18 ਸਾਲ ਤੋਂ ਉੱਪਰ ਦੀ ਹਰ ਮਹਿਲਾ ਲਈ 1000 ਰੁਪਏ ਪ੍ਰਤੀ ਮਹੀਨਾ ਅਤੇ ਐਸ.ਸੀ. ਵਰਗ ਦੀਆਂ ਮਹਿਲਾਵਾਂ ਲਈ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ, ਜੋ ਕਿ ਇਤਿਹਾਸਿਕ ਕਦਮ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਗਏ ਸਨ, ਉਹ ਸਾਰੇ ਹੀ ਪੂਰੇ ਕਰ ਦਿੱਤੇ ਗਏ ਹਨ, ਹੁਣ ਵਿਰੋਧੀਆਂ ਨੂੰ ਬੋਲਣ ਦਾ ਮੌਕਾ ਨਹੀਂ ਮਿਲੇਗਾ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਔਰਤਾਂ ਨੂੰ ਪ੍ਰਤੀ ਮਹੀਨਾ ਹਜ਼ਾਰ ਰੁਪਏ ਦੇਣ ਦਾ ਵਾਅਦਾ ਪੂਰਾ ਕਰਕੇ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਵਿਚ ਹਰੇਕ ਵਰਗ ਖੁਸ਼ਹਾਲ ਹੈ ਤੇ 2027 ਵਿਚ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣੇਗੀ |