ਲੁਧਿਆਣਾ, 10 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮੈਮੋਰੀਅਲ ਚੈਰੀਟੇਬਲ ਟਰੱਸਟ ਦੇ ਟਰੱਸਟੀਆਂ ਦੀ ਅੱਜ ਹੋਈ ਇਕ ਵਿਸ਼ੇਸ਼ ਮੀਟਿੰਗ ਵਿਚ ਬੀਤੇ ਦਿਨੀ ਕੁਝ ਵਿਅਕਤੀਆਂ ਵਲੋਂ ਗੁਰਦੁਆਰਾ ਸਾਹਿਬ ਦੇ ਬਾਹਰ ਹੁੱਲੜਬਾਜ਼ੀ ਕੀਤੇ ਜਾਣ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰਸਟ ਦੇ ਮੁੱਖ ਸਕੱਤਰ ਸੁਖਵਿੰਦਰ ਪਾਲ ਸਿੰਘ ਸਰਨਾ ਅਤੇ ਪ੍ਰਧਾਨ ਸੁਰਿੰਦਰ ਪਾਲ ਸਿੰਘ ਬਿੰਦਰਾ ਨੇ ਦੱਸਿਆ ਕਿ ਬੀਤੇ ਦਿਨ ਨਗਰ ਨਿਗਮ ਵਲੋਂ ਵੀ ਗੁਰਦੁਆਰਾ ਸਾਹਿਬ ਦੇ ਜੋੜਾ ਘਰ ਦੇ ਬਾਹਰੋਂ ਸਮਾਨ ਚੁੱਕਣ ਦੀ ਕਾਰਵਾਈ ਕੀਤੀ ਗਈ ਸੀ | ਉਨ੍ਹਾਂ ਦੱਸਿਆ ਕਿ ਇਹ ਸਭ ਕੁਝ ਸ਼ਰਾਰਤੀ ਅਨਸਰਾਂ ਦੀ ਚਾਲ ਸੀ, ਜਿਸ ਬਾਰੇ ਉਨ੍ਹਾਂ ਨੂੰ ਪਤਾ ਲੱਗਾ ਹੈ | ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵਲੋਂ ਪੱਖਪਾਤੀ ਕਾਰਵਾਈ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਇਸ ਸਬੰਧੀ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਬਾਹਰ ਕੁਝ ਵਿਅਕਤੀਆਂ ਵਲੋਂ ਹੁੱਲੜਬਾਜ਼ੀ ਕੀਤੀ ਗਈ ਸੀ, ਜਿਸ ਨੂੰ ਕਿ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਜੇਕਰ ਭਵਿੱਖ ਵਿਚ ਅਜਿਹੀ ਕੋਈ ਵਿਅਕਤੀ ਹਰਕਤ ਕਰਦਾ ਹੈ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਹੋਣ ਵਾਲੇ ਚੁਪਹਿਰਾ ਸਮਾਗਮ ਦੌਰਾਨ ਸੰਗਤ ਦੀਆਂ ਸਹੂਲਤਾਂ ਲਈ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਸੰਗਤ ਦੀ ਸਹੂਲਤ ਲਈ ਹੋਰ ਵਧੀਆ ਪ੍ਰਬੰਧ ਕੀਤੇ ਜਾਣਗੇ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਅਜਿਹੇ ਅਨਸਰਾਂ ਦਾ ਮੂੰਹ ਤੋੜਵਾਂ ਜਵਾਬ ਦੇਣ ਤਾਂ ਜੋ ਇਨ੍ਹਾਂ ਦੀਆਂ ਗੁਰੂ ਘਰ ਪ੍ਰਤੀ ਸਾਜ਼ਿਸ਼ਾਂ ਨੂੰ ਨਕਾਮ ਕੀਤਾ ਜਾ ਸਕੇ |