ਆਲਮਗੀਰ, 10 ਮਾਰਚ (ਜਰਨੈਲ ਸਿੰਘ ਪੱਟੀ)- ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਜਸਦੇਵ ਨਗਰ ਬਚਿੱਤਰ ਨਗਰ ਤੋਂ ਬਲਾਕ ਸੰਮਤੀ ਮੈਂਬਰ ਸੁਖਮੀਤ ਸਿੰਘ ਖੰਨਾ ਇੰਚਾਰਜ ਬੀ.ਸੀ. ਵਿੰਗ ਹਲਕਾ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੱਤਾ ਸੰਭਾਲਣ ਤੋਂ ਤੁਰੰਤ ਬਾਅਦ ਪੰਜਾਬ ਖੁਸ਼ਹਾਲੀ ਦੇ ਰਾਹ 'ਤੇ ਦੌੜਨ ਲੱਗਿਆ ਹੈ, ਲਗਾਤਾਰ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ, ਖੇਡਾਂ ਪ੍ਰਤੀ ਨੌਜਵਾਨਾਂ ਨੂੰ ਜਾਗਰੂਕ ਕਰਕੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਤੋਂ ਦੂਰ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਖੇਡਾਂ ਨੂੰ ਮੁੱਖ ਰੱਖਦਿਆਂ ਪੂਰੇ ਸੂਬੇ ਦੇ 'ਚ ਹਰ ਪਿੰਡ ਸ਼ਹਿਰ ਦੇ ਵਿਚ ਖੇਡ ਗਰਾਊਾਡ ਬਣਾਏ ਜਾ ਰਹੇ ਹਨ | ਬੁਨਿਆਦੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁਹੱਲਾ ਕਲੀਨਿਕ ਬਣਾਏ ਗਏ ਹਨ, ਜਿੱਥੇ ਕਿ ਆਮ ਲੋਕ ਬਿਲਕੁਲ ਫ਼ਰੀ ਵਿਚ ਦਵਾਈਆਂ ਲੈ ਕੇ ਆਪਣੀ ਸਿਹਤ ਨੂੰ ਤੰਦਰੁਸਤ ਰੱਖ ਸਕਦੇ ਹਨ, ਇਸ ਤੋਂ ਇਲਾਵਾ ਬੱਚਿਆਂ ਲਈ ਪੜ੍ਹਾਈ ਬਿਲਕੁਲ ਫ਼ਰੀ ਹੈ | ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਦੇ ਨਾਲ ਪੰਜ ਗਰੰਟੀਆਂ ਦਾ ਵਾਅਦਾ ਕੀਤਾ ਸੀ, ਜੋ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ 'ਆਮ ਆਦਮੀ ਪਾਰਟੀ' ਨੇ ਉਹ ਪੰਜ ਦੀਆਂ ਪੰਜ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ, ਸਕੂਲ ਆਫ਼ ਐਮੀਨੈਂਸ ਸਥਾਪਤ ਕਰਕੇ ਸਿੱਖਿਆ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ, 300 ਯੂਨਿਟ ਮੁਫ਼ਤ ਬਿਜਲੀ ਦੀ ਵਿਵਸਥਾ ਦੇ ਨਾਲ 90 ਫ਼ੀਸਦੀ ਘਰੇਲੂ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਦੇਣਾ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ 1 ਕਰੋੜ ਰੁਪਏ ਦੀ ਗ੍ਰਾਂਟ ਸ਼ਾਮਿਲ ਹਨ | ਸੁਖਮੀਤ ਖੰਨਾ ਨੇ ਕਿਹਾ ਕਿ ਰਹਿੰਦੀ ਗਰੰਟੀ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਸਨਮਾਨ ਦੇ ਕੇ ਪੂਰੀ ਕਰ ਦਿੱਤੀ ਹੈ | ਪੰਜਾਬ ਦੀ ਸਿਆਸਤ ਵਿਚ ਪਹਿਲੀ ਵਾਰ ਹੋਇਆ ਕਿ ਕਿਸੇ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਚਾਰ ਸਾਲਾਂ ਦੇ ਵਿਚ ਲੋਕਾਂ ਨਾਲ ਕੀਤੇ ਹੋਏ ਵਾਅਦੇ ਪੂਰੇ ਕੀਤੇ ਹੋਣ | ਪਿਛਲੇ ਸਮਿਆਂ ਦੌਰਾਨ ਸਰਕਾਰਾਂ ਆਉਂਦੀਆਂ ਜਾਂਦੀਆਂ ਰਹੀਆਂ | ਲੋਕਾਂ ਨਾਲ ਝੂਠੇ ਵਾਅਦੇ ਕਰਦੀਆਂ ਰਹੀਆਂ, ਪਰ ਕਦੇ ਵੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਸੀ ਕੀਤੇ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ | ਇਸ ਲਈ ਆਮ ਲੋਕਾਂ ਨਾਲ ਕੀਤੇ ਹੋਏ ਸਾਰੇ ਵਾਅਦੇ ਚਾਰ ਸਾਲਾਂ ਦੇ ਵਿਚ ਹੀ ਪੂਰੇ ਕਰਕੇ ਇਕ ਇਤਿਹਾਸ ਰਚ ਦਿੱਤਾ ਹੈ | ਉਨ੍ਹਾਂ ਕਿਹਾ ਕਿ ਆਗਾਮੀ 2027 ਦੀਆਂ ਚੋਣਾਂ ਦੌਰਾਨ 117 ਵਿਧਾਨ ਸਭਾ ਸੀਟਾਂ ਜਿੱਤ ਕੇ ਆਮ ਆਦਮੀ ਪਾਰਟੀ ਇਕ ਹੋਰ ਨਵਾਂ ਇਤਿਹਾਸ ਰਚੇਗੀ |