ਲੁਧਿਆਣਾ, 11 ਮਾਰਚ (ਭੁਪਿੰਦਰ ਸਿੰਘ ਬੈਂਸ)-ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਨੰੂ ਜਾਣ ਵਾਲੀ ਸੜਕ ਦੇ ਕੰਮ ਦੀ ਗੁਣਵੱਤਾ ਬਾਰੇ ਸ਼ਿਕਾਇਤ ਮਿਲਣ ਤੋ ਬਾਅਦ ਨਗਰ ਨਿਗਮ ਵਲੋਂ ਸਖ਼ਤ ਕਾਰਵਾਈ ਕਰਦਿਆਂ ਠੇਕੇਦਾਰ ਤੋਂ ਸੜਕ ਮੁੜ ਤਿਆਰ ਕਰਵਾਈ ਗਈ ਹੈ | ਇਸ ਮਾਮਲੇ ਵਿਚ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਮੌਕੇ 'ਤੇ ਪੁੱਜ ਕੇ ਕੰਮ ਦੀ ਗੁਣਵੱਤਾ ਦੀ ਜਾਂਚ ਕੀਤੀ | ਜਗਰਾਉਂ ਪੁਲ ਨੇੜੇ ਬੇਅਰਿੰਗ ਮਾਰਕੀਟ ਤੋਂ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਤਕ ਦੀ ਸੜਕ ਕੁੱਝ ਮਹੀਨੇ ਪਹਿਲਾਂ ਕਰੀਬ 80 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਸੀ, ਪਰ ਸੜਕ ਦੇ ਕੰਮ ਦੀ ਖ਼ਰਾਬ ਗੁਣਵੱਤਾ ਬਾਰੇ ਸੀਨੀਅਰ ਡਿਪਟੀ ਮੇਅਰ ਦੇ ਦਫ਼ਤਰ ਵਿਚ ਸ਼ਿਕਾਇਤ ਆਈ ਸੀ | ਇਸਤੋਂ ਬਾਅਦ ਨਗਰ ਨਿਗਮ ਵਲੋਂ ਜਾਂਚ ਕਰਕੇ ਠੇਕੇਦਾਰ ਨੰੂ ਸੜਕ ਮੁੜ ਬਣਾਉਣ ਦੇ ਨਿਰਦੇਸ਼ ਦਿੱਤੇ ਗਏ | ਬੁੱਧਵਾਰ ਨੰੂ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਮੌਕੇ ਤੇ ਪੁੱਜ ਕੇ ਮੁੜ ਬਣ ਰਹੀ ਸੜਕ ਦੇ ਕੰਮ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੰੂ ਕੰਮ ਦੀ ਗੁਣਵੱਤਾ 'ਤੇ ਖ਼ਾਸ ਧਿਆਨ ਦੇਣ ਲਈ ਕਿਹਾ | ਇਸ ਮੌਕੇ ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਲੋਕਾਂ ਦੇ ਟੈਕਸ ਦੇ ਪੈਸੇ ਦੀ ਬਰਬਾਦੀ ਕਿਸੇ ਵੀ ਕੀਮਤ 'ਤੇ ਨਹੀਂ ਹੋਣ ਦਿੱਤੀ ਜਾਵੇਗੀ |