ਲੁਧਿਆਣਾ, 12 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਬੁੱਧਵਾਰ ਨੂੰ ਹੋਣ ਵਾਲੇ ਜਪ ਤਪ ਚੁਪਹਿਰਾ ਸਮਾਗਮਾਂ ਵਿਚ ਵਿਘਨ ਪਾਉਣ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਆਉਣ ਵਾਲੇ ਦਿਨਾਂ ਵਿਚ ਸੰਗਤ ਦੇ ਸਹਿਯੋਗ ਨਾਲ ਇਨ੍ਹਾਂ ਸ਼ਰਾਰਤੀ ਅਨਸਰਾਂ ਦਾ ਪਰਦਾਫਾਸ਼ ਕੀਤਾ ਜਾਵੇਗਾ | ਇਸ ਦਾ ਪ੍ਰਗਟਾਵਾ ਗੁਰਦੁਆਰਾ ਸਾਹਿਬ ਦੇ ਮੁੱਖ ਸਕੱਤਰ ਸੁਖਵਿੰਦਰ ਪਾਲ ਸਿੰਘ ਲਾਲੀ ਸਰਨਾ ਨੇ ਅੱਜ ਇੱਥੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਬੀਤੇ ਦਿਨ ਜਪ ਤਪ ਚੁਪਹਿਰਾ ਸਮਾਗਮ ਵਿਚ ਕੁਝ ਸ਼ਰਾਰਤੀ ਅਨਸਰਾਂ ਵਲੋਂ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਗਈ ਸੀ | ਉਨ੍ਹਾਂ ਦੱਸਿਆ ਕਿ ਇਸ ਕੋਸ਼ਿਸ਼ ਕਾਰਨ ਸੰਗਤਾਂ ਵਿਚ ਭਾਰੀ ਰੋਸ ਪਾਇਆ ਗਿਆ ਅਤੇ ਸੰਗਤਾਂ ਨੂੰ ਮੌਕੇ 'ਤੇ ਮੌਜੂਦ ਅਹੁਦੇਦਾਰਾਂ ਵਲੋਂ ਸ਼ਾਂਤ ਵੀ ਕਰ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਜੇਕਰ ਸੰਗਤ ਇਸ ਦਾ ਜਵਾਬ ਦਿੰਦੀ ਤਾਂ ਉੱਥੇ ਹਾਲਾਤ ਵਿਗੜ ਜਾਣੇ ਸਨ | ਉਨ੍ਹਾਂ ਦੱਸਿਆ ਕਿ ਧਾਰਮਿਕ ਕਾਰਜਾਂ ਵਿਚ ਕਿਸੇ ਦੀ ਦਖਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ | ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਇਸ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਨ੍ਹਾਂ ਅਨਸਰਾਂ ਖਿਲਾਫ ਕਾਰਵਾਈ ਕਰਨ ਲਈ ਮੁੱਖ ਮੰਤਰੀ ਦੇ ਨਾਮ 'ਤੇ ਇਕ ਮੰਗ ਪੱਤਰ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਜੇਕਰ ਅਧਿਕਾਰੀਆਂ ਵਲੋਂ ਉਨ੍ਹਾਂ ਦੀ ਗੱਲ ਹੁਣ ਨਹੀਂ ਸੁਨਣਗੇ ਤਾਂ ਸੰਗਤ ਦੇ ਨਾਲ ਮਿਲ ਕੇ ਉਹ ਵੱਡੇ ਪੱਧਰ 'ਤੇ ਸੰਘਰਸ਼ ਕਰਨਗੇ, ਜਿਸਦੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ | ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੁਝ ਆਗੂ ਸ਼ਰਾਰਤੀ ਅਨਸਰਾਂ ਨਾਲ ਮਿਲ ਕੇ ਗੁਰਦੁਆਰਾ ਸਾਹਿਬ ਦਾ ਮਾਹੌਲ ਖਰਾਬ ਕਰ ਰਹੇ ਹਨ | ਹਾਲਾਂਕਿ ਇਲਾਕੇ ਨਾਲ ਕੋਈ ਤਲਕ ਵਾਸਤਾ ਨਹੀਂ ਹੈ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਆਮ ਆਦਮੀ ਪਾਰਟੀ ਦੇ ਮੁੱਖ ਸੰਯੋਜਕ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੂੰ ਵੀ ਲਿਖਤੀ ਸ਼ਿਕਾਇਤ ਭੇਜੀ ਗਈ ਹੈ | ਉਨ੍ਹਾਂ ਦੱਸਿਆ ਕਿ ਬੀਤੇ ਦਿਨ ਇਨ੍ਹਾਂ ਆਗੂਆਂ ਵਲੋਂ ਪ੍ਰਸ਼ਾਸਨ ਨੂੰ ਗੁੰਮਰਾਹ ਕੀਤਾ ਗਿਆ ਸੀ, ਇਸ ਸਬੰਧੀ ਵੀ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ |