ਲੁਧਿਆਣਾ, 12 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਾਬਕਾ ਜ਼ਿਲ੍ਹਾ ਅਟਾਰਨੀ ਦੇ ਪਰਿਵਾਰ ਨਾਲ 60 ਲੱਖ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਪੰਜ ਵਿਅਕਤੀਆਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਾਬਕਾ ਜ਼ਿਲ੍ਹਾ ਅਟਾਰਨੀ ਐਡਵੋਕੇਟ ਮਿੱਤਰ ਸੈਨ ਗੋਇਲ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਸਰਾਭਾ ਨਗਰ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਖਰੋੜ, ਉਸ ਦੀ ਪਤਨੀ ਡਿੰਪਲ ਖਰੋੜ, ਆਰਿਫ ਨਿਸਾਰ, ਅਰੁਣ ਕੁਮਾਰ ਅਤੇ ਸੁਰੇਸ਼ ਕੁਮਾਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਨੂੰ ਹ ਰਿਤੂ ਅਤੇ ਲੜਕੀ ਚਾਰੂ ਉਕਤ ਕਥਿਤ ਦੋਸ਼ੀ ਸੁਖਵਿੰਦਰ ਸਿੰਘ ਦੇ ਸੰਪਰਕ ਵਿਚ ਆਈਆਂ ਸਨ ਅਤੇ ਇਨ੍ਹਾਂ ਕਥਿਤ ਦੋਸ਼ੀਆਂ ਨੇ ਉਨ੍ਹਾਂ ਨੂੰ ਵੱਧ ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ 60 ਲੱਖ ਰੁਪਏ ਲੈ ਲਏ | ਉਨ੍ਹਾਂ ਦੱਸਿਆ ਕਿ ਪਰ ਬਾਅਦ ਵਿਚ ਕਥਿਤ ਦੋਸ਼ੀਆਂ ਨੇ ਨਾ ਤਾਂ ਉਨ੍ਹਾਂ ਦੀ ਅਸਲ ਰਕਮ ਵਾਪਸ ਕੀਤੀ ਅਤੇ ਨਾ ਹੀ ਮੁਨਾਫ਼ਾ | ਉਨ੍ਹਾਂ ਦੱਸਿਆ ਕਿ ਇਹਨਾਂ ਕਥਿਤ ਦੋਸ਼ੀਆਂ ਦਾ ਨੈੱਟਵਰਕ ਪੂਰੇ ਭਾਰਤ ਵਿਚ ਫੈਲਿਆ ਹੋਇਆ ਹੈ, ਜਿੱਥੋਂ ਕਿ ਹਜ਼ਾਰਾਂ ਕਰੋੜ ਰੁਪਏ ਦੀ ਲੋਕਾਂ ਨਾਲ ਧੋਖਾਧੜੀ ਕਰ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਹੁਣ ਇਹਨਾਂ ਕਥਿਤ ਦੋਸ਼ੀਆਂ ਵਿਚੋਂ ਸੁਖਵਿੰਦਰ ਸਿੰਘ ਡਿੰਪਲ ਅਤੇ ਆਰਿਫ ਨੂੰ ਈ.ਡੀ. ਵਲੋਂ ਹਿਰਾਸਤ ਵਿਚ ਵੀ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਹਾਲ ਦੀ ਘੜੀ ਜ਼ਿਲ੍ਹਾ ਪੁਲਿਸ ਵਲੋਂ ਇਹਨਾਂ ਨੂੰ ਹਿਰਾਸਤ ਵਿਚ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ |