ਲੁਧਿਆਣਾ, 3 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਦੇ ਬਾਹਰ ਹੋਏ ਬੰਬ ਧਮਾਕੇ ਦੇ ਵਿਰੋਧ 'ਚ ਹਲਕਾ ਉਤਰੀ ਦੇ ਵੱਖ ਵੱਖ ਇਲਾਕਿਆਂ ਵਿਚ ਭਾਜਪਾ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਸੀਨੀਅਰ ਭਾਜਪਾ ਆਗੂ ਨਰਿੰਦਰ ਸਿੰਘ ਮੱਲ੍ਹੀ ਤੇ ਸੀਨੀਅਰ ਭਾਜਪਾ ਆਗੂ ਪ੍ਰਵੀਨ ਬਾਂਸਲ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਨੇ ਅੱਤਵਾਦ ਦੇ ਪੁਤਲੇ ਸਾੜੇ ਤੇ ਧਮਾਕੇ ਦੀ ਨਿੰਦਾ ਕੀਤੀ | ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਵਿਚ ਭਾਜਪਾ ਦਫ਼ਤਰ ਦੇ ਬਾਹਰ ਹੋਇਆ ਧਮਾਕਾ ਨਿੰਦਣਯੋਗ ਹੈ ਅਤੇ ਇਸ ਨਾਲ ਦੇਸ਼ ਦੀ ਸੁਰੱਖਿਆ ਨੰੂ ਚੁਨੌਤੀ ਮਿਲੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਅਜਿਹੀਆਂ ਘਟਨਾਵਾਂ ਤੋਂ ਡਰਨ ਵਾਲੀ ਨਹੀਂ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਹਮੇਸ਼ਾ ਅਡਿੱਗ ਰਹੇਗੀ | ਆਗੂਆਂ ਨੇ ਸਪੱਸ਼ਟ ਕੀਤਾ ਕਿ ਅੱਤਵਾਦ ਦੇ ਖ਼ਿਲਾਫ਼ ਇਹ ਲੜਾਈ ਜਾਰੀ ਰਹੇਗੀ ਅਤੇ ਦੇਸ਼ ਵਿਰੋਧੀ ਤਾਕਤਾਂ ਨੰੂ ਕਿਸੇ ਵੀ ਹਾਲਤ ਵਿਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ | ਇਸ ਮੌਕੇ ਕੌਂਸਲਰ ਰੋਹਿਤ ਸਿੱਕਾ, ਕੇਸ਼ਵ ਗੁਪਤਾ ਤੇ ਹੋਰ ਮੌਜੂਦ ਸਨ |