ਲੁਧਿਆਣਾ, 5 ਅਪ੍ਰੈਲ (ਜਤਿੰਦਰ ਭੰਬੀ)-ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਦੇ ਨਾਲ-ਨਾਲ ਸੂਬੇ ਦੇ ਆਰਥਿਕ ਹਾਲਾਤ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਾਲਾਇਕੀ ਅਤੇ ਤਜਰਬੇ ਦੀ ਘਾਟ ਕਾਰਨ ਦਿਨ-ਬ-ਦਿਨ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਦੱਖਣੀ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਨੇ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਿੱਕਲੀਆਂ ਤੇ ਚੁਟਕਲੇ ਸੁਣਾ ਕੇ ਸਟੇਜ ਤਾਂ ਬਾਖੂਬੀ ਚਲਾ ਸਕਦੇ ਹਨ, ਪਰ ਸਟੇਟ ਚਲਾਉਣਾ ਉਨ੍ਹਾਂ ਦੇ ਵੱਸ ਦੀ ਗੱਲ ਨਹੀਂ | ਉਨ੍ਹਾਂ ਕਿਹਾ ਕਿ ਜੇਕਰ ਅਮਨ ਕਾਨੂੰਨ ਦੀ ਸਥਿਤੀ ਦੀ ਗਲ ਕਰੀਏ ਤਾਂ ਦਿਨ ਦਿਹਾੜੇ ਲੁੱਟਾਂ ਖੋਹਾਂ ਅਤੇ ਕਤਲ ਵਰਗੀਆਂ ਵਾਰਦਾਤਾਂ ਆਮ ਤੌਰ 'ਤੇ ਦੇਖਣ ਅਤੇ ਪੜ੍ਹਨ ਨੂੰ ਮਿਲ ਜਾਂਦੀਆਂ ਹਨ | ਚੀਮਾ ਨੇ ਕਿਹਾ ਕਿ ਵੱਡੇ-ਵੱਡੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਗੈਂਗਸਟਰਾਂ ਦੇ ਧਮਕੀ ਭਰੇ ਫ਼ੋਨ ਆਉਂਦੇ ਹਨ, ਜਿਨ੍ਹਾਂ ਵਿਚ ਉਨ੍ਹਾਂ ਤੋਂ ਵੱਡੀਆਂ ਫਿਰੌਤੀਆਂ ਦੀ ਮੰਗ ਹੁੰਦੀ ਹੈ ਅਤੇ ਉਹ ਜਾਂ ਤਾਂ ਗੁੰਡਾ ਟੈਕਸ ਦੇਣ ਲਈ ਮਜਬੂਰ ਹੁੰਦੇ ਹਨ ਜਾਂ ਫਿਰ ਪੰਜਾਬ ਵਿਚੋਂ ਪਲਾਇਨ ਕਰਦੇ ਹੋਏ ਦੂਜੇ ਸੂਬਿਆਂ ਵਿਚ ਜਾਣ ਨੂੰ ਤਰਜੀਹ ਦਿੰਦੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚਲਾਈ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਬੁਰੀ ਤਰਾਂ ਫ਼ੇਲ੍ਹ ਹੋ ਚੁੱਕੀ ਹੈ | ਚੀਮਾ ਨੇ ਕਿਹਾ ਕਿ 'ਆਪ' ਸਰਕਾਰ ਤੋਂ ਅੱਕੇ ਲੋਕ ਹੁਣ 2027 ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ ਤਾਂ ਜੋ ਕਾਂਗਰਸ ਪਾਰਟੀ ਦੀ ਸਰਕਾਰ ਸੱਤਾ ਵਿਚ ਲਿਆਂਦੀ ਜਾ ਸਕੇ |