ਲੁਧਿਆਣਾ, 6 ਅਪ੍ਰੈਲ (ਜਸਵਿੰਦਰ ਸਿੰਘ)-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅਧਿਕਾਰੀਆਂ ਨੂੰ ਜ਼ਿਲੇ੍ਹ ਭਰ ਦੀਆਂ ਸਾਰੀਆਂ ਅਨਾਜ ਮੰਡੀਆਂ ਵਿਚ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਬਿਨਾਂ ਕਿਸੇ ਅਸੁਵਿਧਾ ਦੇ ਕਣਕ ਦੀ ਸੁਚਾਰੂ ਅਤੇ ਸਮੇਂ ਸਿਰ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ | ਬੱਚਤ ਭਵਨ ਵਿਖੇ ਹੋਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਦਿ੍ੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਹ ਕਿਸਾਨਾਂ ਦੁਆਰਾ ਲਿਆਂਦੇ ਗਏ ਕਣਕ ਦੇ ਹਰੇਕ ਦਾਣੇ ਦੀ ਖਰੀਦ ਕਰਨਗੇ | ਉਨ੍ਹਾਂ ਕਿਹਾ ਕਿ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਪਹਿਲਾਂ ਹੀ ਵਿਸਤਰਿਤ ਪ੍ਰਬੰਧ ਕੀਤੇ ਗਏ ਹਨ | ਹਿਮਾਂਸ਼ੂ ਜੈਨ ਨੇ ਜ਼ੋਰ ਦੇ ਕੇ ਕਿਹਾ ਕਿ ਅਨਾਜ ਮੰਡੀਆਂ ਵਿਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਲਈ ਸਾਰੀਆਂ ਅਨਾਜ ਮੰਡੀਆਂ ਵਿਚ ਢੁਕਵੀਂ ਸਫ਼ਾਈ, ਪੀਣ ਵਾਲੇ ਪਾਣੀ ਅਤੇ ਬੈਠਣ ਦੀਆਂ ਸਹੂਲਤਾਂ ਯਕੀਨੀ ਬਣਾਈਆਂ ਜਾਣ | ਉਨ੍ਹਾਂ ਅਧਿਕਾਰੀਆਂ ਨੂੰ ਹਰੇਕ ਅਨਾਜ ਮੰਡੀ ਵਿਚ ਸਫ਼ਾਈ ਅਤੇ ਬੁਨਿਆਦੀ ਸਹੂਲਤਾਂ ਦੇ ਉੱਚ ਮਿਆਰਾਂ ਨੂੰ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸੀਜ਼ਨ ਵਿਚ ਜ਼ਿਲੇ੍ਹ ਦੀਆਂ 109 ਅਨਾਜ ਮੰਡੀਆਂ ਵਿਚ 8,16,473 ਮੀਟਿ੍ਕ ਟਨ ਕਣਕ ਆਉਣ ਦੀ ਉਮੀਦ ਹੈ | ਉਨ੍ਹਾਂ ਸਾਰੀਆਂ ਖਰੀਦ ਏਜੰਸੀਆਂ ਮਾਰਕਫੈੱਡ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ.ਸੀ.ਆਈ), ਪਨਗ੍ਰੇਨ, ਪਨਸਪ, ਵੇਅਰ ਹਾਊਸਿੰਗ ਕਾਰਪੋਰੇਸ਼ਨ, ਪੰਜਾਬ ਮੰਡੀ ਬੋਰਡ ਅਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੂੰ ਬਾਰਦਾਨੇ ਅਤੇ ਹੋਰ ਜ਼ਰੂਰੀ ਸਾਮਾਨ ਦੀ ਢੁਕਵੀਂ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਹਿਮਾਂਸ਼ੂ ਜੈਨ ਨੇ ਸਾਰੇ ਸਬ-ਡਿਵੀਜ਼ਨਲ ਮੈਜਿਸਟਰੇਟਾਂ (ਐਸ.ਡੀ.ਐਮਜ਼) ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿਚ ਖ਼ਰੀਦ ਪ੍ਰਕਿਰਿਆ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਅਤੇ ਜੇਕਰ ਕੋਈ ਕਮੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਸੁਧਾਰਾਤਮਕ ਉਪਾਅ ਕਰਨ ਲਈ ਵੀ ਕਿਹਾ ਗਿਆ |