ਇਆਲੀ/ਥਰੀਕੇ, 6 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਵਲੋਂ ਇਕ ਅਹਿਮ ਮੀਟਿੰਗ ਸਤਜੋਤ ਨਗਰ ਧਾਂਦਰਾ ਸੜਕ ਵਿਖੇ ਸਰਕਲ ਪ੍ਰਧਾਨ ਹਰਸਿਮਰਨ ਸਿੰਘ ਬਸੰਤ ਸਿਟੀ ਤੇ ਸੀਨੀਅਰ ਯੂਥ ਅਕਾਲੀ ਆਗੂ ਜਸਮਿੰਦਰ ਸਿੰਘ ਜੱਸੀ ਸਪੇਰਾ ਦੀ ਅਗਵਾਈ ਹੇਠ ਕੀਤੀ ਗਈ | ਇਸ ਦੌਰਾਨ ਵੱਡੀ ਗਿਣਤੀ ਵਿਚ ਕਾਲੋਨੀ ਵਾਸੀਆਂ ਅਤੇ ਅਕਾਲੀ ਦਲ ਦੇ ਵਰਕਰਾਂ ਵਲੋਂ ਸ਼ਮੂਲੀਅਤ ਕੀਤੀ ਗਈ ਅਤੇ ਸਿੰਮਕ ਨੂੰ ਜੀ ਆਇਆਂ ਕਹਿੰਦੇ ਹੋਏ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ | ਇਸ ਮੌਕੇ ਹਾਜ਼ਰੀਨਾਂ ਨੂੰ ਸੰਬੋਧਨ ਕਰਦਿਆਂ ਹਰਪ੍ਰੀਤ ਸਿੰਮਕ ਨੇ ਕਿਹਾ ਕਿ ਆਪ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲਾਅ ਐਂਡ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਤਹਿਸ ਨਹਿਸ ਹੋ ਚੁੱਕੀ ਹੈ, ਗੈਂਗਸ਼ਟਰਵਾਦ ਤੇ ਨਸ਼ੇ ਦਾ ਰੁਝਾਨ ਵਧਿਆ ਹੈ | ਸਰਕਾਰ ਚਲਾਉਣ ਵਾਲੇ ਆਪ ਹੀ ਮਨਮਾਨੀਆਂ ਤੇ ਉੱਤਰ ਆਏ ਹਨ ਅਤੇ ਆਏ ਦਿਨ ਸੂਬੇ ਅੰਦਰ ਗੁੰਡਾਗਰਦੀ ਦਾ ਨੰਗਾ ਨਾਚ ਹੋ ਰਿਹਾ ਹੈ | ਸੂਬਾ ਵਾਸੀ ਹੁਣ ਇਸ ਸਰਕਾਰ ਤੋਂ ਅੱਕ ਚੁੱਕੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਸੂਬੇ ਦੇ ਹੋਏ ਵਿਕਾਸ ਕਾਰਜਾਂ ਨੂੰ ਯਾਦ ਕਰਕੇ ਸੂਬੇ ਅੰਦਰ ਮੁੜ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਵਿਧਾਨ ਸਭਾ ਚੋਣਾ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ | ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਅਜਿਹੀ ਇਕਲੌਤੀ ਖੇਤਰੀ ਪਾਰਟੀ ਹੈ, ਜਿਹੜੀ ਪੰਜਾਬ, ਪੰਜਾਬੀ, ਕਿਸਾਨੀ ਅਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨ ਲਈ ਦਿ੍ੜ੍ਹਤਾ ਨਾਲ ਪਹਿਰਾ ਦੇ ਸਕਦੀ ਹੈ | ਇਸ ਮੌਕੇ ਸਰਕਲ ਪ੍ਰਧਾਨ ਰਘਬੀਰ ਸਿੰਘ ਥਰੀਕੇ, ਭੁਪਿੰਦਰ ਸਿੰਘ ਸੱਗੂ, ਸਤਬੀਰ ਸਿੰਘ, ਕਮਲਜੀਤ ਸਿੰਘ ਟੋਨੀ, ਹਰਜੀਤ ਸਿੰਘ, ਸਲਵਿੰਦਰ ਸਿੰਘ, ਕੁਲਦੀਪ ਸਿੰਘ, ਸਿਮਰਨਦੀਪ ਸਿੰਘ, ਕਰਨਵੀਰ ਸਿੰਘ, ਹਰਵਿੰਦਰ ਸਿੰਘ, ਗਗਨਦੀਪ ਸਿੰਘ, ਬਲਦੇਵ ਸਿੰਘ ਤੋਂ ਇਲਾਵਾ ਹੋਰ ਮੁਹੱਲਾ ਵਾਸੀ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ |