ਢੰਡਾਰੀ ਕਲਾਂ/ਲੁਧਿਆਣਾ, 7 ਅਪ੍ਰੈਲ (ਜਸਵੀਰ ਸਿੰਘ ਬੰਗਾ)-ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਗਿਆਸਪੁਰਾ ਵਿਖੇ ਮਿਨੀ ਗਾਰਡਨ ਨਾਲ ਲੱਗਦੀ ਗਲੀ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ | ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਇਲਾਕੇ ਦੇ ਲੋਕਾਂ ਦੀ ਇਹ ਚਿਰੌਕਣੀ ਮੰਗ ਸੀ ਜਿਸ ਨੂੰ ਪੂਰਾ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਇਲਾਕਾ ਨਿਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਬੁਨਿਆਦੀ ਢਾਂਚਾ ਹੋਰ ਮਜ਼ਬੂਤ ਹੋਵੇਗਾ | ਇਸ ਮੌਕੇ ਸਥਾਨਕ ਵਸਨੀਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਹਲਕਾ ਦੱਖਣੀ ਵਿਚ ਵਿਕਾਸ ਕਾਰਜ ਨਿਰੰਤਰ ਜਾਰੀ ਹਨ | ਉਨ੍ਹਾਂ ਕਿਹਾ ਕਿ ਹਰ ਵਾਰਡ ਵਿਚ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਕੰਮ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਇਲਾਕੇ ਵਿਚ ਕੋਈ ਘਾਟ ਨਾ ਰਹੇ | ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਵੀ ਇਸੇ ਤਰ੍ਹਾਂ ਵਿਕਾਸ ਦੇ ਕੰਮ ਤੇਜ਼ੀ ਨਾਲ ਜਾਰੀ ਰਹਿਣਗੇ ਅਤੇ ਲੋਕਾਂ ਦੀ ਸੇਵਾ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ |