ਇਆਲੀ/ਥਰੀਕੇ, 10 ਅਪੈ੍ਰਲ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਦੇ ਆਗੂਆਂ ਦੀ ਇਕ ਗੈਰ ਰਸਮੀ ਮੀਟਿੰਗ ਸਥਾਨਕ ਫ਼ਿਰੋਜ਼ਪੁਰ ਰੋਡ ਸਥਿਤ ਕੁਲਦੀਪ ਸਿੰਘ ਸਿੱਧੂ ਦੇ ਦਫ਼ਤਰ ਵਿਚ ਹੋਈ, ਜਿਸ ਦੌਰਾਨ ਪਰਮਿੰਦਰ ਸਿੰਘ ਢੀਂਡਸਾ, ਸੁਰਜੀਤ ਸਿੰਘ ਰੱਖੜਾ, ਗੁਰਪ੍ਰਤਾਪ ਸਿੰਘ ਵਡਾਲਾ, ਕੁਲਦੀਪ ਸਿੰਘ ਸਿੱਧੂ ਨੇ ਪੰਥਕ ਧਿਰਾਂ ਦੀ ਏਕਤਾ ਮਜ਼ਬੂਤੀ ਅਤੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ | ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਜਥੇਬੰਦੀਆਂ ਦੀ ਏਕਤਾ ਜ਼ਰੂਰੀ ਹੈ, ਸਿੱਖ ਵਿਰੋਧੀ ਤਾਕਤਾਂ ਨੂੰ ਹਰਾਉਣ ਲਈ ਹਮਿਖ਼ਆਲ ਜਥੇਬੰਦੀਆਂ ਨੂੰ ਇਕਜੁੱਟ ਹੋ ਕੇ ਚੋਣ ਮੈਦਾਨ ਵਿਚ ਨਿੱਤਰਨਾ ਚਾਹੀਦਾ ਹੈ | ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਦੇ ਪ੍ਰਧਾਨ ਜੱਥੇਦਾਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਮੁੱਚਾ ਅਕਾਲੀ ਦਲ ਇਕਜੁੱਟ ਹੋ ਕੇ ਦਲ ਦੀ ਮਜ਼ਬੂਤੀ ਲਈ ਸਰਗਰਮ ਹੈ | ਦਲ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ ਸਿੱਧੂ ਨੇ ਕਿਹਾ ਕਿ ਅਕਾਲੀ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੂਰੀ ਤਰਾਂ ਸਮਰਪਿਤ ਹੈ ਅਤੇ ਅਕਾਲ ਤਖ਼ਤ ਦੇ ਭਗੌੜਿਆਂ ਨਾਲ ਕਿਸੇ ਵੀ ਕੀਮਤ 'ਤੇ ਸਾਂਝ ਪਾਉਣ ਦੇ ਵਿਰੁੱਧ ਹੈ | ਇਸ ਮੌਕੇ ਸੁਖਦੇਵ ਸਿੰਘ ਚੱਕ, ਜਸਵੰਤ ਸਿੰਘ ਪੁੜੈਣ ਅਤੇ ਭਵਰਾਜ ਸਿੰਘ ਸਿੱਧੂ ਵੀ ਹਾਜ਼ਰ ਸਨ |