ਲੁਧਿਆਣਾ, 10 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ 'ਚ ਆਪਣੀਆਂ ਹਾਜ਼ਰੀਆਂ ਭਰ ਕੇ ਸ਼੍ਰੀ ਗੁਰੂ ਅਰਜਨ ਦੇਵ ਜੀ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਭੇਟ ਕੀਤਾ | ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਗਏ ਕੀਰਤਨ ਸਮਾਗਮ 'ਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਗਤਾਰ ਸਿੰਘ ਖਾਲਸਾ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਵਿਸ਼ੇਸ਼ ਤੌਰ 'ਤੇ ਆਪਣੀ ਹਾਜ਼ਰੀ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਕੀਰਤਨ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਵਿਦਵਾਨ ਤੇ ਕਥਾਕਾਰ ਗਿਆਨੀ ਬਚਿੱਤਰ ਸਿੰਘ ਨੇ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕਿਹਾ ਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖ ਇਤਿਹਾਸ ਵਿਚ ਪਹਿਲੀ ਅਤੇ ਦੁਨੀਆਂ ਦੇ ਇਤਿਹਾਸ ਵਿਚ ਇਕ ਲਾਸਾਨੀ ਤੇ ਬੇਮਿਸਾਲ ਸ਼ਹਾਦਤ ਹੈ, ਜਿਸ ਦੇ ਨਾਲ ਸਿੱਖ ਇਤਿਹਾਸ ਵਿਚ ਸ਼ਹੀਦੀਆਂ ਦਾ ਇਕ ਨਵਾਂ ਅਧਿਆਇ ਆਰੰਭ ਹੋਇਆ | ਇਸ ਮੌਕੇ ਸੁਸਾਇਟੀ ਦੇ ਪ੍ਰਮੁੱਖ ਮੈਬਰਾਂ ਨੇ ਭਾਈ ਜਗਤਾਰ ਸਿੰਘ ਖਾਲਸਾ ਅਤੇ ਉਨਾਂ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ | ਕੀਰਤਨ ਸਮਾਗਮ 'ਚ ਮਹਿੰਦਰ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਭੁਪਿੰਦਰ ਸਿੰਘ ਜੁਨੇਜਾ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮੀਤ ਸਿੰਘ ਡੰਗ, ਸੁਖਵਿੰਦਰ ਸਿੰਘ ਹੈਪੀ ਕੋਚਰ, ਹਰਵਿੰਦਰ ਸਿੰਘ ਕੋਹਲੀ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਪ੍ਰੇਮ ਸਿੰਘ, ਅਵਤਾਰ ਸਿੰਘ ਬੀ.ਕੇ, ਅਵਤਾਰ ਸਿੰਘ ਮਿੱਡਾ, ਜੋਗਿੰਦਰ ਸਿੰਘ ਸਲੂਜਾ, ਦਾਨ ਸਿੰਘ, ਮਨਮੋਹਨ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |