ਲੁਧਿਆਣਾ, 12 ਅਪੈ੍ਰਲ (ਜਤਿੰਦਰ ਭੰਬੀ)-ਕਾਂਗਰਸ ਪਾਰਟੀ ਨੂੰ ਹਲਕਾ ਆਤਮ ਨਗਰ ਵਿਚ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਪਾਰਟੀ ਦੇ ਦੁੱਗਰੀ ਸਥਿਤ ਮੁੱਖ ਦਫ਼ਤਰ ਵਿਖੇ ਨਵੇਂ ਨਿਯੁਕਤ ਹੋਏ ਅਹੁਦੇਦਾਰਾਂ ਦੇ ਸਨਮਾਨ ਵਿਚ ਇਕ ਪ੍ਰਭਾਵਸ਼ਾਲੀ ਮੀਟਿੰਗ ਕਰਵਾਈ ਗਈ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਸਿਰੋਪਾਉ ਭੇਟ ਕਰਕੇ ਉਨ੍ਹਾਂ ਦਾ ਸਨਮਾਨ ਕਰਦਿਆਂ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਹਲਕਾ ਆਤਮ ਨਗਰ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਇਹ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ, ਜਿਨ੍ਹਾਂ ਵਿਚ ਤਲਵਿੰਦਰ ਸਿੰਘ ਟੋਨੀ ਅਰੋੜਾ ਅਤੇ ਲਖਵੀਰ ਸਿੰਘ ਟੋਨਾ ਸੰਧੂ ਨੂੰ ਬਲਾਕ ਪ੍ਰਧਾਨ ਚੁਣੇ ਜਾਣ ਤੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਬਲਦੇਵ ਸਿੰਘ ਨੂੰ ਬੀ.ਐਲ.ਏ.-1 (ਆਤਮ ਨਗਰ) ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ | ਇਨ੍ਹਾਂ ਨਿਯੁਕਤੀਆਂ 'ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਵਰਕਰਾਂ ਨੇ ਲੱਡੂ ਵੰਡੇ ਅਤੇ ਪਾਰਟੀ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ | ਨਵ-ਨਿਯੁਕਤ ਅਹੁਦੇਦਾਰਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੇ ਗਏ ਭਰੋਸੇ 'ਤੇ ਖਰਾ ਉਤਰਨਗੇ | ਉਨ੍ਹਾਂ ਅਹਿਦ ਲਿਆ ਕਿ ਉਹ ਦਿਨ-ਰਾਤ ਮਿਹਨਤ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਹਰ ਇਕ ਵਾਰਡ ਅਤੇ ਘਰ ਤੱਕ ਪਹੁੰਚਾਉਣਗੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਤਾਕਤ ਉਸ ਦੇ ਮਿਹਨਤੀ ਅਤੇ ਜੁਝਾਰੂ ਵਰਕਰ ਹੁੰਦੇ ਹਨ | ਉਨ੍ਹਾਂ ਕਿਹਾ ਕਿ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਇਨ੍ਹਾਂ ਨਵੀਆਂ ਨਿਯੁਕਤੀਆਂ ਨਾਲ ਹਲਕੇ ਅੰਦਰ ਕਾਂਗਰਸ ਪਾਰਟੀ ਹੋਰ ਵੀ ਚੜ੍ਹਦੀ ਕਲਾ ਵਿਚ ਹੋਵੇਗੀ | ਉਨ੍ਹਾਂ ਨੇ ਸਮੂਹ ਆਗੂਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਹਮੇਸ਼ਾ ਤਤਪਰ ਰਹਿਣ ਅਤੇ ਸਰਕਾਰ ਦੀਆਂ ਜਨ-ਵਿਰੋਧੀ ਨੀਤੀਆਂ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕਰਨ | ਇਸ ਮੌਕੇ ਹਲਕੇ ਦੇ ਵੱਖ-ਵੱਖ ਵਾਰਡਾਂ ਤੋਂ ਵੱਡੀ ਗਿਣਤੀ ਵਿਚ ਪਾਰਟੀ ਵਰਕਰ, ਇਲਾਕਾ ਨਿਵਾਸੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ, ਜਿਨ੍ਹਾਂ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈਆਂ ਦਿੱਤੀਆਂ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦਾ ਭਰੋਸਾ ਦਿੱਤਾ |