ਲੁਧਿਆਣਾ, 13 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-'ਸਵੱਛ ਸਰਵੇਖਣ' ਅਧੀਨ ਸ਼ਹਿਰ ਦੀ ਦਰਜਾਬੰਦੀ ਨੂੰ ਬਿਹਤਰ ਬਣਾਉਣ ਲਈ ਕੂੜਾ ਪ੍ਰਬੰਧਨ 'ਤੇ ਸਖ਼ਤੀ ਨਾਲ ਕੰਮ ਕਰਦੇ ਹੋਏ ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨੇ ਸੋਮਵਾਰ ਨੂੰ ਸਰਾਭਾ ਨਗਰ ਸਥਿਤ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਖੇ ਸਿਹਤ ਸ਼ਾਖਾ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਸ਼ਹਿਰ ਭਰ ਵਿਚ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ | ਇਸ ਤੋਂ ਇਲਾਵਾ ਸਬੰਧਿਤ ਅਧਿਕਾਰੀਆਂ ਨੂੰ ਸਟੈਟਿਕ ਕੰਪੈਕਟਰ ਸਾਈਟਾਂ ਦੇ ਸਹੀ ਕੰਮਕਾਜ ਅਤੇ ਸ਼ਹਿਰ ਵਿਚੋਂ ਕੂੜੇ ਦੀ ਨਿਯਮਤ ਲਿਫਟਿੰਗ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ | ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ, ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ, ਸਿਹਤ ਅਧਿਕਾਰੀ ਡਾ. ਵਿਪਲ ਮਲਹੋਤਰਾ, ਸੀ.ਐਸ.ਓ. ਅਸ਼ਵਨੀ ਸਹੋਤਾ ਸਮੇਤ ਹੋਰ ਅਧਿਕਾਰੀ ਮੀਟਿੰਗ ਵਿਚ ਮੌਜੂਦ ਸਨ | ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਸ਼ਹਿਰ ਵਿਚ ਬਾਜ਼ਾਰਾਂ, ਜਨਤਕ ਪਖਾਨਿਆਂ ਸਮੇਤ ਹੋਰ ਜਨਤਕ ਥਾਵਾਂ 'ਤੇ ਸਫ਼ਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ | ਡਾ. ਗੁਪਤਾ ਨੇ ਦੱਸਿਆ ਕਿ ਸੰਯੁਕਤ ਕਮਿਸ਼ਨਰਾਂ ਅਤੇ ਜ਼ੋਨਲ ਕਮਿਸ਼ਨਰਾਂ ਸਮੇਤ ਸੀਨੀਅਰ ਅਧਿਕਾਰੀਆਂ ਨੂੰ ਸਥਿਤੀ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਆਉਣ ਵਾਲੇ ਸਮੇਂ ਵਿਚ ਜ਼ਮੀਨੀ ਪੱਧਰ 'ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਨਿਰੀਖਣ ਵੀ ਕੀਤੇ ਜਾਣਗੇ | ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦੇ ਹੋਏ ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਵਸਨੀਕਾਂ ਨੂੰ ਵੱਖ-ਵੱਖ ਕੂੜਾ ਪ੍ਰਬੰਧਨ ਤਕਨੀਕਾਂ ਅਪਣਾਉਣ ਦੀ ਵੀ ਅਪੀਲ ਕੀਤੀ, ਜਿਸ ਵਿਚ ਕੂੜਾ ਰੀਡਿਊਸ, ਰੀਯੂਜ਼ ਅਤੇ ਰੀਸਾਈਕਲ ਕਰਨਾ, ਘਰੇਲੂ ਖਾਦ ਬਣਾਉਣਾ ਆਦਿ ਸ਼ਾਮਿਲ ਹਨ | ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਕਿਹਾ ਕਿ ਨਗਰ ਨਿਗਮ ਸ਼ਹਿਰ ਭਰ ਵਿਚ ਕੂੜਾ ਪ੍ਰਬੰਧਨ ਨੂੰ ਬਿਹਤਰ ਬਣਾਉਣ ਲਈ ਕਈ ਪਹਿਲਕਦਮੀਆਂ ਕਰ ਰਿਹਾ ਹੈ, ਪਰ ਇਹ ਟੀਚਾ ਨਿਵਾਸੀਆਂ ਦੇ ਸਹਿਯੋਗ ਤੋਂ ਬਿਨਾਂ ਪ੍ਰਾਪਤ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਨੇ ਵਸਨੀਕਾਂ ਨੂੰ ਖੁੱਲ੍ਹੀਆਂ ਥਾਵਾਂ/ਪਲਾਟਾਂ 'ਤੇ ਕੂੜਾ ਸੁੱਟਣਾ ਬੰਦ ਕਰਨ ਦੀ ਅਪੀਲ ਕੀਤੀ |