ਲਾਡੋਵਾਲ, 13 ਅਪ੍ਰੈਲ (ਬਲਬੀਰ ਸਿੰਘ ਰਾਣਾ)-ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਪਿੰਡ ਆਲੋਵਾਲ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਵਿਸ਼ਾਲ ਧਾਰਮਿਕ ਸਮਾਗਮ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ, ਜਿਸ ਦੌਰਾਨ ਤਿੰਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਰਾਗੀ ਜਥਿਆਂ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਦਿਆਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਇਸ ਮੌਕੇ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਅਤੇ ਸੰਤ ਬਾਬਾ ਜਰਨੈਲ ਸਿੰਘ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਪਵਿੱਤਰ ਸਿੱਖਿਆਵਾਂ ਅਤੇ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਨੂੰ ਬਚਾਉਣ ਅਤੇ ਧਰਮ ਦੀ ਰੱਖਿਆ ਲਈ ਆਪਣੀ ਸ਼ਹਾਦਤ ਦੇ ਕੇ ਮਨੁੱਖਤਾ ਲਈ ਸਾਂਝੀਵਾਲਤਾ ਦਾ ਇਕ ਵੱਡਾ ਸੰਦੇਸ਼ ਦਿੱਤਾ, ਜਿਸ ਕਰਕੇ ਸਾਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਉੱਪਰ ਚੱਲ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਈਆਂ ਸਮੂਹ ਮਾਣਯੋਗ ਸ਼ਖਸੀਅਤਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਪਾਲ ਸਿੰਘ, ਮਨਪ੍ਰੀਤ ਸਿੰਘ, ਗੁਰਪਾਲ ਸਿੰਘ, ਵੱਸਣ ਸਿੰਘ, ਹਰਦੀਪ ਸਿੰਘ, ਹਰਦੇਵ ਸਿੰਘ ਪਿਹੋਵਾ, ਭਾਈ ਗੁਰਮੇਲ ਸਿੰਘ, ਗੁਰਨੈਬ ਸਿੰਘ, ਬਹਾਦਰ ਸਿੰਘ, ਡਾ. ਅਮਰਜੋਤ ਸਿੰਘ ਸੰਧੂ, ਬਲਦੇਵ ਸਿੰਘ, ਭਾਈ ਹਰਜੀਤ ਸਿੰਘ, ਭਾਈ ਆਸ਼ੋਕ ਸਿੰਘ, ਭਾਈ ਗੁਰਮੀਤ ਸਿੰਘ ਲੰਬੜਦਾਰ, ਭਾਈ ਹਰਪ੍ਰੀਤ ਸਿੰਘ ਜਲੰਧਰ, ਬੀਬੀ ਕਰਮਜੀਤ ਕੌਰ ਸੰਧੂ, ਬੀਬੀ ਦਲਜੀਤ ਕੌਰ ਇੰਗਲੈਂਡ, ਬੀਬੀ ਕੁਲਵੰਤ ਕੌਰ ਭਾਣੋਕੇ, ਬੀਬੀ ਕੁਲਵਿੰਦਰ ਕੌਰ, ਬੀਬੀ ਪਰਮਜੀਤ ਕੌਰ ਗੜੀ ਤੋਂ ਇਲਾਵਾ ਹੋਰ ਵੀ ਸੰਗਤਾਂ ਹਾਜ਼ਰ ਸਨ |