ਲੁਧਿਆਣਾ, 15 ਅਪ੍ਰੈਲ (ਜਤਿੰਦਰ ਭੰਬੀ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਮੋਟਰਸਾਈਕਲ ਚੋਰੀ ਹੋਣ ਦੇ ਮਾਮਲੇ ਸਾਹਮਣੇ ਆਏ ਹਨ | ਪਹਿਲੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਰਮਨਦੀਪ ਸਿੰਘ ਨੇ ਦੱਸਿਆ ਕਿ ਉਸ ਨੇ ਆਪਣਾ ਮੋਟਰਸਾਈਕਲ ਕਿਪਸ ਮਾਰਕੀਟ ਸਰਾਭਾ ਨਗਰ ਦੇ ਅੰਦਰ ਡੋਮੋਨੋਜ਼ ਪਿਜ਼ਾ ਦੇ ਸਾਹਮਣੇ ਲਾਕ ਲਗਾ ਕੇ ਖੜਾ ਕੀਤਾ ਸੀ, ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ ਹੈ | ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਯਸ਼ਪਾਲ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਦੂਜੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸ਼ਰੇਨਿਕ ਜੈਨ ਨੇ ਦੱਸਿਆ ਕਿ ਉਸ ਨੇ ਆਪਣੀ ਐਕਟੀਵਾ ਆਈ.ਵੀ.ਐਫ਼. ਸੈਂਟਰ ਦੇ ਬਾਹਰ ਲਾਕ ਲਗਾ ਕੇ ਖੜੀ ਕੀਤੀ ਸੀ, ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |