ਲੁਧਿਆਣਾ, 17 ਅਪ੍ਰੈਲ (ਜਤਿੰਦਰ ਭੰਬੀ)-ਸੀਨੀਅਰ ਕਾਂਗਰਸੀ ਆਗੂ ਅਤੇ ਪ੍ਰਦੇਸ਼ ਕਾਂਗਰਸ ਦੇ ਵਫ਼ਦ ਮੁਹੰਮਦ ਗੁਲਾਬ ਨੇ ਮਹਿਲਾ ਰਾਖਵਾਂਕਰਨ ਬਿਲ ਬਾਰੇ ਆਪਣੀ ਪ੍ਰਤੀਕਿ੍ਆ ਦਿੰਦਿਆਂ ਕਿਹਾ ਕਿ ਮਹਿਲਾਵਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣਾ ਇਕ ਸ਼ਲਾਘਾਯੋਗ ਕਦਮ ਹੈ, ਪਰ ਇਸ ਵਿਚ ਘੱਟ ਗਿਣਤੀ ਅਤੇ ਹੋਰ ਪਛੜੇ ਵਰਗਾਂ ਦੀਆਂ ਮਹਿਲਾਵਾਂ ਨੂੰ ਵੱਖਰੇ ਤੌਰ 'ਤੇ ਪ੍ਰਤੀਨਿਧਤਾ ਦੇਣਾ ਵੀ ਬਹੁਤ ਜ਼ਰੂਰੀ ਹੈ | ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਘੱਟ ਗਿਣਤੀ ਮਹਿਲਾਵਾਂ ਦੀ ਰਾਜਨੀਤਿਕ ਭਾਗੀਦਾਰੀ ਬਹੁਤ ਘੱਟ ਹੈ | ਅਜਿਹੇ ਵਿਚ ਜੇਕਰ ਉਨ੍ਹਾਂ ਨੂੰ ਵੱਖਰਾ ਰਾਖਵਾਂਕਰਨ ਨਹੀਂ ਦਿੱਤਾ ਗਿਆ ਤਾਂ ਉਹ ਇਸ ਬਿਲ ਦਾ ਪੂਰਾ ਲਾਭ ਨਹੀਂ ਲੈ ਸਕਣਗੀਆਂ | ਉਨ੍ਹਾਂ ਨੇ ਮੰਗ ਕੀਤੀ ਕਿ ਮਹਿਲਾ ਰਾਖਵਾਂਕਰਨ ਵਿਚ ਸਾਰੇ ਵਰਗਾਂ ਖ਼ਾਸ ਕਰਕੇ ਘੱਟ ਗਿਣਤੀ ਅਤੇ ਪਛੜੇ ਵਰਗਾਂ ਦੀਆਂ ਮਹਿਲਾਵਾਂ ਨੂੰ ਉਨ੍ਹਾਂ ਦੀ ਆਬਾਦੀ ਦੇ ਅਨੁਸਾਰ ਉਚਿੱਤ ਹਿੱਸੇਦਾਰੀ ਦਿੱਤੀ ਜਾਣੀ ਚਾਹੀਦੀ ਹੈ | ਮੁਹੰਮਦ ਗੁਲਾਬ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮਹਿਲਾ ਸਸ਼ਕਤੀਕਰਨ ਤਾਂ ਹੀ ਸਾਰਥਿਕ ਹੋਵੇਗਾ ਜਦੋਂ ਸਮਾਜ ਦੇ ਹਰ ਵਰਗ ਦੀਆਂ ਮਹਿਲਾਵਾਂ ਨੂੰ ਇਕ ਸਮਾਨ ਲਾਭ ਮਿਲੇਗਾ | ਉਨ੍ਹਾਂ ਨੇ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਸਮਾਜਿਕ ਨਿਆਂ ਅਤੇ ਸਮਾਨ ਪ੍ਰਤੀਨਿਧਤਾ ਦੀ ਹਮਾਇਤੀ ਰਹੀ ਹੈ |