ਜਲੰਧਰ, 19 ਅਪ੍ਰੈਲ (ਜਸਪਾਲ ਸਿੰਘ)-ਸੀ. ਟੀ. ਯੂਨੀਵਰਸਿਟੀ ਵਲੋਂ ਨੈਸ਼ਨਲ ਇੰਸਟੀਚਿਊਟ ਆਫ ਸੋਸ਼ਲ ਡਿਫੈਂਸ (ਐਨ. ਆਈ. ਐਸ. ਡੀ.) ਸਮਾਜਿਕ ਨਿਆਂ ਤੇ ਅਧਿਕਾਰਤ ਮੰਤਰਾਲਾ, ਭਾਰਤ ਸਰਕਾਰ ਅਤੇ 'ਦ ਸ਼ੈਲਟਰਜ਼' ਦੇ ਨਾਲ ਮਿਲ ਕੇ ਵਿਦਿਆਰਥੀਆਂ ਲਈ ਨਸ਼ਿਆਂ ਦੇ ਖ਼ਿਲਾਫ਼ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ | ਪ੍ਰੋਗਰਾਮ ਵਿਚ ਸਾਬਕਾ ਸੰਸਦ ਮੈਂਬਰ ਤੇ ਪਦਮਸ੍ਰੀ ਹੰਸ ਰਾਜ ਹੰਸ, ਐਨ. ਆਈ. ਐਸ. ਡੀ. ਦੇ ਜਨਰਲ ਕੌਂਸਲ ਦੇ ਖਾਸ ਮੈਂਬਰ ਐਸ. ਸੁਖਵਿੰਦਰ ਬਿੰਦਰਾ, 'ਦ ਸ਼ੈਲਟਰਜ਼' ਦੀ ਡਾਇਰੈਕਟਰ ਸਤਿੰਦਰ ਸੱਤੀ, ਡੀ. ਐਸ. ਪੀ. ਜਸਵਿੰਦਰ ਸਿੰਘ ਤੇ ਮਨੋਵਿਗਿਆਨੀ ਅਮਨਪ੍ਰੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਇਨ੍ਹਾਂ ਸ਼ਖ਼ਸੀਅਤਾਂ ਨੇ ਆਪਣੇ ਤਜਰਬੇ ਤੇ ਵਿਚਾਰ ਸਾਂਝੇ ਕਰਦੇ ਹੋਏ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ | ਸ੍ਰੀ ਹੰਸ ਰਾਜ ਹੰਸ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਟੀਚਿਆਂ 'ਤੇ ਧਿਆਨ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦੀ ਤਾਕਤ ਹਨ ਤੇ ਨਸ਼ਿਆਂ ਤੋਂ ਦੂਰ ਰਹਿਣਾ ਸਿਰਫ਼ ਨਿੱਜੀ ਜ਼ਿੰਮੇਵਾਰੀ ਨਹੀਂ ਸਗੋਂ ਦੇਸ਼ ਪ੍ਰਤੀ ਫਰਜ਼ ਵੀ ਹੈ ਤੇ ਹਰ ਨੌਜਵਾਨ ਨੂੰ ਸਕਾਰਾਤਮਕ ਅਤੇ ਅਨੁਸ਼ਾਸਿਤ ਜੀਵਨ ਅਪਣਾਉਣਾ ਚਾਹੀਦਾ ਹੈ | ਇਸੇ ਤਰ੍ਹਾਂ ਡੀ. ਐਸ. ਪੀ. ਜਸਵਿੰਦਰ ਸਿੰਘ ਨੇ ਦੱਸਿਆ ਕਿ ਜ਼ਮੀਨੀ ਪੱਧਰ 'ਤੇ ਨਸ਼ਿਆਂ ਦੀ ਸਮੱਸਿਆ ਵੱਧ ਰਹੀ ਹੈ, ਇਸ ਲਈ ਵਿਦਿਆਰਥੀਆਂ ਨੂੰ ਸਾਵਧਾਨ ਤੇ ਜਾਗਰੂਕ ਰਹਿਣ ਦੀ ਲੋੜ ਹੈ | ਮਨੋਵਿਗਿਆਨੀ ਅਮਨਪ੍ਰੀਤ ਕੌਰ ਨੇ ਕਿਹਾ ਕਿ ਨਸ਼ਾ ਸਿਰਫ਼ ਸਮਾਜਿਕ ਸਮੱਸਿਆ ਨਹੀਂ ਤੇ ਇਹ ਮਨੋਵਿਗਿਆਨਕ ਸਮੱਸਿਆ ਵੀ ਹੈ | ਇਹ ਤਣਾਅ, ਸਾਥੀਆਂ ਦੇ ਦਬਾਅ ਜਾਂ ਜਾਣਕਾਰੀ ਦੀ ਘਾਟ ਕਾਰਨ ਸ਼ੁਰੂ ਹੁੰਦਾ ਹੈ | ਨੌਜਵਾਨਾਂ ਨੂੰ ਆਪਣੀ ਮਾਨਸਿਕ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ ਤੇ ਲੋੜ ਪੈਣ 'ਤੇ ਮਨੋ ਚਿਕਿਤਸਕ ਦੀ ਮਦਦ ਲੈਣੀ ਚਾਹੀਦੀ ਹੈ | ਇਸ ਮੌਕੇ ਯੂਨੀਵਰਸਿਟੀ ਦੇ ਪ੍ਰੋ. ਚਾਂਸਲਰ ਡਾ. ਮਨਬੀਰ ਸਿੰਘ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਮਕਸਦ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਸਹੀ ਫੈਸਲੇ ਲੈਣ ਲਈ ਪ੍ਰੇਰਿਤ ਕਰਨਾ ਸੀ | ਉਨ੍ਹਾਂ ਕਿਹਾ ਕਿ ਸੀ. ਟੀ. ਯੂਨੀਵਰਸਿਟੀ ਵਿਚ ਅਸੀਂ ਪੜ੍ਹਾਈ ਦੇ ਨਾਲ-ਨਾਲ ਜ਼ਿੰਮੇਵਾਰ ਨਾਗਰਿਕ ਤਿਆਰ ਕਰਨ ਨੂੰ ਵੀ ਮਹੱਤਵ ਦਿੰਦੇ ਹਾਂ ਤੇ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਵਿੱਚ ਅੱਗੇ ਵਧਣ ਵਿਚ ਮਦਦ ਕਰਦੇ ਹਨ | ਪ੍ਰੋਗਰਾਮ ਵਿਚ ਯੂਨੀਵਰਸਿਟੀ ਦੇ ਰਜਿਸਟਰਾਰ ਤੇ ਡਾਇਰੈਕਟਰ ਡੀਐਸਡਬਲਿਊ ਸੰਜੈ ਖੰਡੂਰੀ ਵੀ ਮੌਜੂਦ ਸਨ | ਪ੍ਰੋਗਰਾਮ ਦੇ ਅੰਤ ਵਿਚ ਵਿਦਿਆਰਥੀਆਂ ਤੇ ਮਹਿਮਾਨਾਂ ਵਿਚਕਾਰ ਇਕ ਸੰਵਾਦ ਸੈਸ਼ਨ ਵੀ ਹੋਇਆ, ਜਿਸ ਨਾਲ ਸਭ ਨੂੰ ਨਸ਼ਾ-ਮੁਕਤ ਸਮਾਜ ਬਣਾਉਣ ਲਈ ਪ੍ਰੇਰਣਾ ਮਿਲੀ |