ਲੁਧਿਆਣਾ, 20 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਦਰ ਅਧੀਨ ਆਉਂਦੇ ਇਲਾਕੇ ਮਾਣਕਵਾਲ ਰੋਡ 'ਤੇ ਪਤਨੀ ਨਾਲ ਕਰਿਆਨੇ ਦੀ ਦੁਕਾਨ ਤੋਂ ਸਾਮਾਨ ਲੈਣ ਗਏ ਪਤੀ ਦੀ ਬੁਰੀ ਤਰਾਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਦਰ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਅਮਰਜੀਤ ਨੇ ਦੱਸਿਆ ਕਿ ਉਹ ਆਪਣੇ ਪਤੀ ਜਸਵਿੰਦਰ ਸਿੰਘ ਨਾਲ ਮਾਣਕਵਾਲ ਰੋਡ ਕਰਿਆਨੇ ਦੀ ਦੁਕਾਨ 'ਤੇ ਸਾਮਾਨ ਲੈਣ ਗਏ ਸਨ | ਉਹ ਦੁਕਾਨ ਦੇ ਅੰਦਰ ਚਲੀ ਗਈ ਤੇ ਉਸ ਦਾ ਪਤੀ ਬਾਹਰ ਖੜ ਗਿਆ ਤਾਂ ਮੁਲਜ਼ਮਾਂ ਨੇ ਉਸ ਦੇ ਪਤੀ 'ਤੇ ਹਮਲਾ ਕਰਕੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ | ਰੌਲਾ ਪਾਉਣ 'ਤੇ ਮੁਲਜ਼ਮ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ 'ਤੇ ਫ਼ਰਾਰ ਹੋ ਗਏ | ਜ਼ਖਮੀ ਵਿਅਕਤੀ ਪੀ.ਜੀ.ਆਈ. ਹਸਪਤਾਲ ਚੰਡੀਗੜ੍ਹ ਵਿਖੇ ਜੇਰੇ ਇਲਾਜ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਹਿੰਦਰਪਾਲ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਰੋਹਿਤ, ਟੋਨੀ, ਰਾਜਾ, ਬਿੱਲਾ, ਗੋਲੂ, ਲੱਡੂ ਅਤੇ 3-4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਆਸਪਾਸ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਨੂੰ ਕਾਬੂ ਕੀਤਾ ਜਾ ਸਕੇ |