ਲੁਧਿਆਣਾ, 20 ਅਪ੍ਰੈਲ (ਡਾ. ਤਰਲੋਚਨ ਸਿੰਘ)-ਜ਼ਿਲ੍ਹਾ ਲੁਧਿਆਣਾ ਵਿਚ ਚੱਲ ਰਹੀ 100 ਦਿਨਾਂ ਟੀ.ਬੀ. ਮੁਹਿੰਮ ਦੇ ਤਹਿਤ ਸਿਹਤ ਵਿਭਾਗ ਵਲੋਂ ਐਕਟਿਵ ਕੇਸ ਫਾਈਾਡਿੰਗ ਕੈਂਪ ਲਗਾਤਾਰ ਲਗਾਏ ਜਾ ਰਹੇ ਹਨ | ਇਸ ਮੁਹਿੰਮ ਦੇ ਅਧੀਨ ਬਲਾਕ ਮਾਛੀਵਾੜਾ ਸਾਹਿਬ ਦੇ ਪਿੰਡ ਤਖਰਾਂ, ਪੁਨੀਆ ਅਤੇ ਬਲਾਕ ਸਾਹਨੇਵਾਲ ਦੇ ਹੈਲਥ ਐਂਡ ਵੈੱਲਨੈੱਸ ਸੈਂਟਰਾਂ ਮੰਗਲੀ ਉੱਚੀ ਅਤੇ ਮੰਗਲੀ ਨੀਚੀ ਵਿਚ ਵਿਸ਼ੇਸ਼ ਸਕਰੀਨਿੰਗ ਕੈਂਪ ਸਫਲਤਾਪੂਰਵਕ ਲਗਾਏ ਗਏ | ਇਸ ਸਬੰਧੀ ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਟੀਬੀ ਦੇ ਮਰੀਜ਼ਾਂ ਦੀ ਸ਼ੁਰੂਆਤੀ ਪਛਾਣ ਕਰਕੇ ਉਨ੍ਹਾਂ ਦਾ ਸਮੇਂ ਸਿਰ ਇਲਾਜ ਸ਼ੁਰੂ ਕਰਨਾ ਹੈ, ਤਾਂ ਜੋ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ | ਉਨ੍ਹਾਂ ਕਿਹਾ ਕਿ ਕੈਂਪਾਂ ਦੌਰਾਨ ਮੌਕੇ 'ਤੇ ਹੀ ਐਕਸ-ਰੇ ਸਕਰੀਨਿੰਗ ਕੀਤੀ ਗਈ ਅਤੇ ਸ਼ੱਕੀ ਮਰੀਜ਼ਾਂ ਦੀ ਤੁਰੰਤ ਜਾਂਚ ਅਤੇ ਫਾਲੋਅੱਪ ਲਈ ਰਜਿਸਟ੍ਰੇਸ਼ਨ ਕੀਤਾ ਗਿਆ | ਡਾ. ਕੌਰ ਨੇ ਦੱਸਿਆ ਕਿ ਸਿਹਤ ਟੀਮਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਟੀਬੀ ਦੇ ਲੱਛਣਾਂ ਜਿਵੇਂ ਕਿ ਲੰਬੇ ਸਮੇਂ ਤੱਕ ਖਾਂਸੀ, ਬੁਖਾਰ, ਵਜ਼ਨ ਘਟਣਾ ਆਦਿ ਬਾਰੇ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਜਾਂਚ ਲਈ ਪ੍ਰੇਰਿਤ ਕੀਤਾ ਗਿਆ | ਇਸ ਦੇ ਨਾਲ ਹੀ ਟੀਬੀ ਦੇ ਫੈਲਣ ਦੇ ਤਰੀਕਿਆਂ, ਬਚਾਅ ਦੇ ਉਪਾਅ ਅਤੇ ਪੂਰੇ ਇਲਾਜ ਦੀ ਮਹੱਤਤਾ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਟੀਬੀ ਦਾ ਇਲਾਜ ਸਰਕਾਰੀ ਸਿਹਤ ਸੰਸਥਾਵਾਂ ਵਿਚ ਪੂਰੀ ਤਰ੍ਹਾਂ ਮੁਫ਼ਤ ਉਪਲਬਧ ਹੈ ਅਤੇ ਸਮੇਂ ਸਿਰ ਇਲਾਜ ਨਾਲ ਇਹ ਬਿਮਾਰੀ ਪੂਰੀ ਤਰ੍ਹਾਂ ਠੀਕ ਹੋ ਸਕਦੀ ਹੈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੇ ਲੱਛਣ ਨਜ਼ਰ ਆਉਣ 'ਤੇ ਬਿਨਾਂ ਦੇਰੀ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ | ਇਹ ਮੁਹਿੰਮ ਟੀਬੀ ਮੁਕਤ ਪੰਜਾਬ ਅਤੇ ਟੀਬੀ ਮੁਕਤ ਭਾਰਤ ਦੇ ਲਕਸ਼ ਵੱਲ ਇਕ ਮਹੱਤਵਪੂਰਨ ਕਦਮ ਹੈ |