ਲੁਧਿਆਣਾ, 21 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ 30 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਥਾਣਾ ਡਿਵੀਜ਼ਨ ਨੰਬਰ ਚਾਰ ਦੇ ਐਸਐਚਓ ਇੰਸਪੈਕਟਰ ਗੁਰਜੀਤ ਸਿੰਘ ਨੰੂ ਰੰਗੇ ਹੱਥੀ ਥਾਣੇ ਤੋਂ ਹੀ ਗਿ੍ਫ਼ਤਾਰ ਕੀਤਾ ਹੈ | ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਨੂਰਵਾਲਾ ਰੋਡ ਲੁਧਿਆਣਾ ਦੀ ਰਹਿਣ ਵਾਲੀ ਵੀਨੂ ਪਤਨੀ ਸ਼ਾਮ ਲਾਲ ਵਾਸੀ ਗਰੇਵਾਲ ਕਲੋਨੀ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ | ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਸ਼ੁਭਮ ਨੂੰ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਦਰਜ ਇੱਕ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਗਿਆ ਸੀ | ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਹ ਆਪਣੇ ਪੁੱਤਰ ਨੂੰ ਥਾਣਾ ਡਿਵੀਜ਼ਨ ਨੰਬਰ 4 ਮਿਲਣ ਗਈ ਤਾਂ ਉਸਦੇ ਪੁੱਤਰ ਨੇ ਦੱਸਿਆ ਕਿ ਪੁਲਿਸ ਨੇ ਉਸ ਨੰੂ ਬੇਰਹਿਮੀ ਨਾਲ ਕੁੱਟਿਆ ਹੈ ਅਤੇ ਉਸਦੀ ਸੋਨੇ ਦੀ ਅੰਗੂਠੀ ਅਤੇ ਚਾਂਦੀ ਦਾ ਬਰੇਸਲੇਟ ਵੀ ਆਪਣੇ ਕਬਜ਼ੇ ਵਿਚ ਲੈ ਲਿਆ ਹੈ | ਇਸ ਸਬੰਧੀ ਮੁਲਜ਼ਮ ਇੰਸਪੈਕਟਰ ਐਸ.ਐਚ.ਓ ਗੁਰਜੀਤ ਸਿੰਘ ਨੇ ਸੋਨੇ ਦੀ ਅੰਗੂਠੀ ਅਤੇ ਚਾਂਦੀ ਦਾ ਬਰੇਸਲੇਟ ਵਾਪਸ ਕਰਨ ਲਈ 35,000 ਰੁਪਏ ਦੀ ਰਿਸ਼ਵਤ ਮੰਗੀ, ਪਰ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ | ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦੀ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕੀਤਾ | ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਥਾਣੇ ਤੋਂ ਹੀ ਗਿ੍ਫ਼ਤਾਰ ਕਰ ਲਿਆ ਗਿਆ | ਇਸ ਸਬੰਧੀ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਵਿਖੇ ਭਿ੍ਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ | ਸੂਤਰਾਂ ਅਨੁਸਾਰ ਵਿਜੀਲੈਂਸ ਦੇ ਚੰਡੀਗੜ੍ਹ ਬੈਠੇ ਉੱਚ ਅਧਿਕਾਰੀ ਇਸ ਸਾਰੇ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ ਅਤੇ ਜਾਂਚ ਦੌਰਾਨ ਜੇਕਰ ਕਿਸੇ ਹੋਰ ਅਧਿਕਾਰੀ ਦੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕਰਨ ਬਾਰੇ ਕਿਹਾ ਜਾ ਰਿਹਾ ਹੈ |