ਲੁਧਿਆਣਾ, 21 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਥਾਣਾ ਟਿੱਬਾ ਦੀ ਪੁਲਿਸ ਨੇ ਸਰਵਣ ਪਾਰਕ ਨੇੜੇ ਛਾਪਾਮਾਰੀ ਕਰਕੇ ਮੁਹੰਮਦ ਇਜਮਾਂਮੂਲ ਵਾਸੀ ਵਰਧਮਾਨ ਕਾਲੋਨੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਤਿੰਨ ਕਿੱਲੋ ਗਾਂਜਾ ਬਰਾਮਦ ਕੀਤਾ ਹੈ | ਪੁਲਿਸ ਵਲੋਂ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ | ਦੂਜੇ ਮਾਮਲੇ ਵਿਚ ਪੁਲਿਸ ਨੇ ਆਰਿਯਮ ਪੁੱਤਰ ਵਕੀਲ ਭਗਤ ਵਾਸੀ ਜਗੀਰਪੁਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 138 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਖ਼ਿਲਾਫ਼ ਵੀ ਕੇਸ ਦਰਜ ਕਰ ਲਿਆ ਹੈ | ਕਥਿਤ ਦੋਸ਼ੀ ਨੂੰ ਪੁਲਿਸ ਨੇ ਕਿਲ੍ਹਾ ਮਹੱਲਾ ਨੇੜਿਉਂ ਕਾਬੂ ਕੀਤਾ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ | ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਅਮਰਦੀਪ ਸਿੰਘ ਉਰਫ ਭੋਲਾ ਵਾਸੀ ਨੇੜੇ ਧੂਰੀ ਲਾਈਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਨੂੰ ਸ਼ੇਰਪੁਰ ਚੌਕ ਨੇੜਿਉਂ ਕਾਬੂ ਕੀਤਾ ਹੈ | ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਅਮਰਜੀਤ ਕੌਰ ਪਤਨੀ ਰੇਸ਼ਮ ਨਾਲ ਵਾਸੀ ਤਲਵੰਡੀ ਕਲਾਂ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਥਾਣਾ ਜਮਾਲਪੁਰ ਦੀ ਪੁਲਿਸ ਨੇ ਰੋਹਿਤ ਕੁਮਾਰ ਉਰਫ ਕਾਕਾ ਵਾਸੀ ਪਿੰਡ ਮੁੰਡੀਆਂ ਕਲਾਂ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਇਹਨਾਂ ਸਾਰਿਆਂ ਖ਼ਿਲਾਫ਼ ਕੇਸ ਦਰਜ ਕਰ ਲਏ ਹਨ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |