ਲੁਧਿਆਣਾ, 25 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੈਕਟਰ 39 ਵਿਚ ਸ਼ੈਡੋ ਵੈਕਸ ਫ਼ੈਕਟਰੀ ਵਿਚ ਚੋਰਾਂ ਵਲੋਂ ਤਾਲੇ ਤੋੜ ਕੇ ਲੱਖਾਂ ਰੁਪਏ ਦੀ ਨਗਦੀ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਇਸ ਸਬੰਧੀ ਫ਼ੈਕਟਰੀ ਦੇ ਇੰਚਾਰਜ ਜਸਜੀਤ ਸਿੰਘ ਵਾਸੀ ਭਾਮੀਆਂ ਰੋਡ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਜਦੋਂ ਉਹ ਫ਼ੈਕਟਰੀ ਦੇ ਅੰਦਰ ਆਇਆ ਤਾਂ ਦੇਖਿਆ ਕਿ ਫ਼ੈਕਟਰੀ ਦੇ ਦਫ਼ਤਰ ਦੇ ਤਾਲੇ ਟੁੱਟੇ ਹੋਏ ਹਨ ਅਤੇ ਦਫ਼ਤਰ ਵਿਚ ਕੋਈ 2 ਲੱਖ 15 ਹਜ਼ਾਰ ਦੀ ਨਗਦੀ ਅਤੇ ਹੋਰ ਸਾਮਾਨ ਚੋਰੀ ਹੋ ਚੁੱਕਾ ਸੀ, ਜਿਸ 'ਤੇ ਉਸ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਵਲੋਂ ਉੱਥੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ ਗਈ, ਪਰ ਪੁਲਿਸ ਨੂੰ ਕੋਈ ਸਫਲਤਾ ਨਹੀਂ ਮਿਲੀ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |