ਲੁਧਿਆਣਾ, 26 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਆਮ ਆਦਮੀ ਪਾਰਟੀ ਦੇ ਅੰਦਰ ਅੰਦਰੂਨੀ ਕਲੇਸ਼ ਲਗਾਤਾਰ ਵੱਧ ਰਿਹਾ ਹੈ ਅਤੇ ਪਾਰਟੀ ਦੇ ਆਗੂ ਪਾਰਟੀ ਛੱਡ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਸੂਬਾ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਤੇ ਸੀਨੀਅਰ ਭਾਜਪਾ ਆਗੂ ਗੁਰਦੀਪ ਸਿੰਘ ਨੀਟੂ ਵਲੋਂ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ ਗਿਆ | ਉਕਤ ਆਗੂਆਂ ਨੇ ਕਿਹਾ ਕਿ ਆਪ ਅੰਦਰ ਵੱਧ ਰਿਹਾ ਕਲੇਸ਼, ਇਹ ਦਰਸਾਉਂਦਾ ਹੈ ਕਿ ਆਪ ਦਾ ਸੰਗਠਨ ਢਾਂਚਾ ਕਮਜ਼ੋਰ ਹੋ ਰਿਹਾ ਹੈ | ਉਨ੍ਹਾਂ ਅਨੁਸਾਰ ਜਦੋਂ ਪਾਰਟੀ ਦੇ ਆਪਣੇ ਹੀ ਆਗੂ ਪਾਰਟੀ 'ਤੇ ਭਰੋਸਾ ਘਟਾ ਕੇ ਬਾਹਰ ਜਾਣ ਲੱਗ ਪੈਣ ਤਾਂ ਇਹ ਸਪਸ਼ਟ ਸੰਕੇਤ ਹੁੰਦਾ ਹੈ ਕਿ ਪਾਰਟੀ ਦੇ ਅੰਦਰੂਨੀ ਹਾਲਾਤ ਠੀਕ ਨਹੀਂ ਹਨ | ਉਨ੍ਹਾਂ ਨੇ ਗ਼ੱਦਾਰ ਵਾਲੇ ਬਿਆਨ 'ਤੇ ਪ੍ਰਤੀਕ੍ਰਿਆ ਦਿੰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀ ਭਾਸ਼ਾ ਲੋਕਤੰਤਰ ਦੀ ਮਰਿਆਦਾ ਦੇ ਖ਼ਿਲਾਫ਼ ਹੈ ਅਤੇ ਇਹ ਦੋਹਰੇ ਮਾਪਦੰਡਾਂ ਨੰੂ ਦਰਸਾਉਂਦੀ ਹੈ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿਚ ਸਰਕਾਰ ਨੰੂ ਆਪਣੀ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਆਪ ਦੇ ਅੰਦਰੂਨੀ ਵਿਵਾਦਾਂ ਨੰੂ ਬੇਨਕਾਬ ਕਰ ਰਹੇ ਹਨ |