ਲੁਧਿਆਣਾ, 28 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਅਸਲਾ ਡਿਪੂ ਦੇ ਨੇੜੇ ਉਸਾਰੀ ਕਰਨ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਅਸਲਾ ਡਿਪੂ ਦੇ ਅਧਿਕਾਰੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਸਰਕਾਰ ਵਲੋਂ ਅਸਲਾ ਡਿਪੂ ਬੱਦੋਵਾਲ ਦੇ ਨੇੜੇ ਉਸਾਰੀ ਕਰਨ 'ਤੇ ਪਾਬੰਦੀ ਲਗਾਈ ਹੋਈ ਹੈ, ਪਰ ਫਿਰ ਵੀ ਕੁਝ ਵਿਅਕਤੀਆਂ ਵਲੋਂ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਕੇ ਉੱਥੇ ਉਸਾਰੀ ਕਰ ਲਈ ਗਈ | ਹਾਲ ਦੀ ਘੜੀ ਪੁਲਿਸ ਵੱਲੋਂ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |