ਲੁਧਿਆਣਾ, 1 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਨਾਲੀ ਮੁਹੱਲਾ ਨੇੜੇ ਸਫ਼ਾਈ ਕਰਮਚਾਰੀ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਪੁਲਿਸ ਨੇ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਦਮਨਜੀਤ ਸਿੰਘ ਵਾਸੀ ਗੁਰੂ ਨਾਨਕ ਪੂਰਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਨਾਲੀ ਮੁਹੱਲਾ ਦੇ ਰਹਿਣ ਵਾਲੇ ਸਾਹਿਲ ਪੁੱਤਰ ਅਸ਼ੋਕ ਕੁਮਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਪ੍ਰਾਈਵੇਟ ਤੌਰ 'ਤੇ ਕਾਰਪੋਰੇਸ਼ਨ ਵਿਚ ਸਫ਼ਾਈ ਸੇਵਕ ਦਾ ਕੰਮ ਕਰਦਾ ਹੈ ਅਤੇ ਘਰਾਂ ਦਾ ਕੂੜਾ ਚੁੱਕਦਾ ਹੈ | ਉਸ ਨੇ ਦੱਸਿਆ ਕਿ ਉਸ ਪਾਸ ਨਾਲੀ ਮੁਹੱਲਾ ਦਾ ਇਲਾਕਾ ਹੈ ਅਤੇ ਹਰੇਕ ਘਰ ਵਿਚੋਂ ਕੂੜਾ ਚੁੱਕਣ ਬਦਲੇ ਉਹ 50 ਰੁਪਏ ਲੈਂਦਾ ਹੈ | ਬੀਤੇ ਦਿਨ ਜਦੋਂ ਉਹ ਉਕਤ ਕਥਿਤ ਦੋਸ਼ੀ ਦੇ ਘਰ ਪੈਸੇ ਮੰਗਣ ਗਿਆ ਤਾਂ ਇਸ ਗੱਲ ਨੂੰ ਲੈ ਕੇ ਉਹ ਉਸ ਨਾਲ ਉਲਝ ਪਿਆ ਅਤੇ ਉਸ ਦੀ ਬੂਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |