ਢੰਡਾਰੀ ਕਲਾਂ/ਲੁਧਿਆਣਾ, 3 ਮਈ (ਜਸਵੀਰ ਸਿੰਘ ਬੰਗਾ)-ਵਿਧਾਨ ਸਭਾ ਹਲਕਾ ਦੱਖਣੀ ਦੇ ਵੱਖ-ਵੱਖ ਇਲਾਕਿਆਂ ਵਿਚ ਲੱਗ ਰਹੇ ਬਿਜਲੀ ਦੇ ਅਣ-ਐਲਾਨੇ ਕੱਟਾਂ ਨੇ ਆਮ ਜਨਜੀਵਨ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਕਰਕੇ ਰੱਖ ਦਿੱਤਾ ਹੈ | ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਜਿੱਥੇ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ਉਦਯੋਗਪਤੀਆਂ ਨੂੰ ਵੀ ਵੱਡੀ ਸਮੱਸਿਆ ਨਾਲ ਨਜਿੱਠਣਾ ਪੈ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਦੱਖਣੀ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਇੰਚਾਰਜ ਜਸਪਾਲ ਸਿੰਘ ਗਿਆਸਪੁਰਾ ਨੇ ਕੀਤਾ | ਉਨ੍ਹਾਂ ਕਿਹਾ ਕਿ ਇਕ ਤਾਂ ਅੱਤ ਦੀ ਗਰਮੀ ਪੈ ਰਹੀ ਹੈ, ਉਤੋਂ ਬਿਜਲੀ ਦੇ ਲੱਗ ਰਹੇ ਅਣ-ਐਲਾਨੇ ਕੱਟਾਂ ਕਾਰਨ ਲੋਕ ਆਪ ਸਰਕਾਰ ਨੂੰ ਕੋਸਦੇ ਨਹੀਂ ਥੱਕ ਰਹੇ | ਜਸਪਾਲ ਗਿਆਸਪੁਰਾ ਨੇ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ 24 ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਭੱਜਦੀ ਨਜ਼ਰ ਆ ਰਹੀ ਹੈ | ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਜਿੱਥੇ ਸਕੂਲੀ ਜਾਣ ਵਾਲੇ ਵਿਦਿਆਰਥੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ਉਦਯੋਗਪਤੀ ਵੀ ਆਪਣੇ ਕੰਮਕਾਜ ਨੂੰ ਲੈ ਕੇ ਚਿੰਤਤ ਨਜ਼ਰ ਆ ਰਹੇ ਹਨ | ਉਨ੍ਹਾਂ ਕਿਹਾ ਕਿ ਲੋਕ ਹੁਣ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ 'ਚ ਹੋਏ ਕੰਮਾਂ ਨੂੰ ਯਾਦ ਕਰ ਰਹੇ ਹਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਲਿਆਂਦੀ ਜਾ ਸਕੇ |