ਲੁਧਿਆਣਾ, 4 ਮਈ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਯੂਥ ਅਕਾਲੀ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ | ਯੂਥ ਅਕਾਲੀ ਦਲ ਦੇ ਆਗੂ ਜਸਦੀਪ ਸਿੰਘ ਕਾਉਂਕੇ ਅਤੇ ਹੋਰਨਾਂ ਵਲੋਂ ਬਿਕਰਮ ਸਿੰਘ ਮਜੀਠੀਆ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਰਖਵਿੰਦਰ ਸਿੰਘ ਗਾਬੜੀਆ ਵੀ ਸਨ | ਮਜੀਠੀਆ ਨੇ ਨੌਜਵਾਨ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਖਾਸ ਕਰਕੇ ਨੌਜਵਾਨਾਂ ਵਿਚ ਅਕਾਲੀ ਦਲ ਨੂੰ ਲੈ ਕੇ ਭਾਰੀ ਉਤਸ਼ਾਹ ਹੈ ਅਤੇ ਇਸਦਾ ਅੰਦਾਜ਼ਾ ਪਿਛਲੇ ਦਿਨੀਂ ਅਕਾਲੀ ਦਲ ਵੱਲੋਂ ਕੀਤੀਆਂ ਗਈਆਂ ਰੈਲੀਆਂ ਤੋਂ ਸਾਫ਼ ਦਿਖਾਈ ਦੇ ਰਿਹਾ ਸੀ | ਉਨ੍ਹਾਂ ਕਿਹਾ ਕਿ ਅੱਜ ਸੂਬੇ ਦਾ ਹਰੇਕ ਵਰਗ ਸਰਕਾਰ ਤੋਂ ਦੁਖੀ ਹੈ ਤੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ | ਉਨ੍ਹਾਂ ਯੂਥ ਅਕਾਲੀ ਦਲ ਦੇ ਆਗੂਆਂ ਨੂੰ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਪ੍ਰਤੀ ਵੀ ਲੋਕਾਂ ਨੂੰ ਜਾਗਰੂਕ ਕਰਵਾਇਆ ਜਾਵੇ | ਇਸ ਮੌਕੇ ਜਸਦੀਪ ਸਿੰਘ ਕਾਉਂਕੇ ਅਤੇ ਹੋਰ ਅਕਾਲੀ ਆਗੂਆਂ ਨੇ ਬਿਕਰਮ ਸਿੰਘ ਮਜੀਠੀਆ ਨੂੰ ਭਰੋਸਾ ਦਿੱਤਾ ਕਿ ਉਹ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਇੱਕ ਕਰ ਦੇਣਗੇ ਅਤੇ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਵਲੋਂ ਜਿਹੜੀ ਵੀ ਡਿਊਟੀ ਲਗਾਈ ਜਾਵੇਗੀ, ਉਹ ਉਸ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਪ੍ਰਭਜੋਤ ਸਿੰਘ ਗੋਰਾ, ਹੈਰੀ ਬੈਂਸ, ਕਵਲਜੀਤ ਸਿੰਘ, ਰਮਨ ਸਿੱਧੂ, ਗੁਰਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ ਉੱਪਲ ਆਦਿ ਹਾਜ਼ਰ ਸਨ |