ਲੁਧਿਆਣਾ, 5 ਮਈ (ਭੁਪਿੰਦਰ ਸਿੰਘ ਬੈਂਸ)-ਭਾਜਪਾ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਨੇ ਸ਼ਹਿਰ 'ਚ ਵੱਧ ਰਹੀ ਗੰਦਗੀ ਅਤੇ ਕੂੜੇ ਦੇ ਡੰਪਿੰਗ ਵਿਰੱੁਧ ਰੋਸ ਪ੍ਰਦਰਸ਼ਨ ਕੀਤਾ | ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਨਗਰ ਨਿਗਮ ਦੇ ਕੰਮਕਾਜ 'ਤੇ ਤਿੱਖੇ ਸਵਾਲ ਚੁੱਕਦੇ ਹੋਏ, ਤੁਰੰਤ ਹਾਲਾਤ ਸੁਧਾਰਨ ਦੀ ਮੰਗ ਕੀਤੀ | ਇਸ ਦੌਰਾਨ ਭਾਜਪਾ ਆਗੂਆਂ ਨੇ ਦੋਸ਼ ਲਗਾਇਆ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਕੂੜੇ ਦੇ ਢੇਰ ਲੱਗੇ ਹੋਏ ਹਨ | ਖ਼ਾਸ ਕਰਕੇ ਭਾਜਪਾ ਜ਼ਿਲ੍ਹਾ ਦਫ਼ਤਰ ਨੇੜੇ ਸੜਕ 'ਤੇ ਪਿਆ ਕੂੜਾ ਲੋਕਾਂ ਲਈ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਇਹ ਗੰਦਗੀ ਨਾ ਸਿਰਫ਼ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਹੀ ਹੈ, ਸਗੋਂ ਬਿਮਾਰੀਆਂ ਦੇ ਖ਼ਤਰੇ ਨੰੂ ਵੀ ਵਧਾ ਰਹੀ ਹੈ | ਰਜਨੀਸ਼ ਧੀਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਨਗਰ ਨਿਗਮ ਸ਼ਹਿਰ ਦੀ ਸਫ਼ਾਈ ਪ੍ਰਣਾਲੀ ਨੰੂ ਕਾਇਮ ਰੱਖਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੇ ਹਨ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੂੜੇ ਦੀ ਸਮੱਸਿਆ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਭਾਜਪਾ ਵਲੋਂ ਵੱਡੇ ਪੱਧਰ 'ਤੇ ਅੰਦੋਲਨ ਕਰਨ ਲਈ ਮਜਬੂਰ ਹੋਵੇਗੀ | ਇਸ ਮੌਕੇ ਮੁਕੇਸ਼ ਸਾਹਨੀ ਸਮੇਤ ਕਈ ਹੋਰ ਆਗੂ ਮੌਜੂਦ ਸਨ |